ਜਲੰਧਰ. ਪੰਜਾਬ ਸਰਕਾਰ ਵਲੋਂ ਜਨਮ ਅਸ਼ਟਮੀ ਦੇ ਮੱਦੇਨਜਰ ਰਾਤ ਦੇ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਮੰਦਿਰਾਂ ਵਿੱਚ ਭੀੜ ਇਕੱਠੀ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਭੁੱਲਰ ਨੇ ਸੁਰੱਖਿਆ ਪ੍ਰਬੰਧਾਂ ਦਾ ਹੇਠਲੇ ਪੱਧਰ ‘ਤੇ ਜਾਇਜ਼ਾ ਲੈਂਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਨਮ ਅਸ਼ਟਮੀ ਦੇ ਸਬੰਧ ਵਿੱਚ ਰਾਤ ਦੇ ਕਰਫ਼ਿਊ ਵਿੱਚ ਕੁਝ ਰਾਹਤ ਦਿੱਤੀ ਗਈ ਹੈ ਅਤੇ ਕਰਫ਼ਿਊ 12-13 ਅਗਸਤ ਦੀ ਰਾਤ (ਕੇਵਲ ਇਕੋ ਦਿਨ) ਸਵੇਰੇ 1 ਵਜੇ ਤੋਂ ਸਵੇਰ 5 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਲੰਧਰ ਵਿਖੇ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੀ ਕਰਫ਼ਿਊ ਵਿੱਚ ਰਾਹਤ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਲੋਕ ਮੰਦਿਰਾਂ ਵਿੱਚ ਜਾ ਕੇ ਪ੍ਰਰਾਥਨਾ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੰਦਿਰਾਂ ਵਿੱਚ ਜਾਣ ਸਮੇਂ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਭੁੱਲਰ ਨੇ ਦੱਸਿਆ ਕਿ ਇਕੋ ਸਮੇਂ ਮੰਦਿਰ ਵਿੱਚ 20 ਤੋਂ ਵੱਧ ਲੋਕਾਂ ਨੂੰ ਇਕੱਤਰ ਦੀ ਇਜ਼ਾਜ਼ਤ ਨਹੀਂ ਹੈ ਅਤੇ ਸਾਰਿਆਂ ਨੇ ਮਾਸਕ ਪਾਏ ਹੋਣ, ਸਮਾਜਿਕ ਦੂਰੀ ਦੀ ਪਾਲਣਾ, ਹੱਥਾਂ ਨੂੰ ਸਾਫ਼ ਰੱਖਣਾ ਦੇ ਨਾਲ ਨਾਲ ਚਿਹਰੇ, ਅੱਖਾਂ ਅਤੇ ਨੱਕ ਨੂੰ ਛੂਹਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭੁੱਲਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ 207 ਮੰਦਿਰ ਆਉਂਦੇ ਹਨ ਅਤੇ ਸ਼ਹਿਰ ਵਿੱਚ ਜਨਮ ਅਸ਼ਟਮੀ ਦੇ ਸਬੰਧ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ‘ਤੇ ਬਾਰੀਕੀ ਨਾਲ ਨਜ਼ਰ ਰੱਖਣ ਲਈ 1000 ਦੇ ਕਰੀਬ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮੰਦਿਰਾਂ ਅਤੇ ਆਲੇ ਦੁਆਲੇ ਦੀ ਸੁਰੱਖਿਆ ਦੀ ਜਾਂਚ ਲਈ ਸੀ.ਸੀ.ਟੀ.ਵੀ.ਕੈਮਰੇ ਲਗਾਏ ਗਏ ਹਨ।
ਪੁਲਿਸ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 24 ਘੰਟੇ ਸੁਰੱਖਿਆ ਤੇ ਬਾਜ਼ ਅੱਖ ਰੱਖਣ ਲਈ ਵੱਖ ਵੱਖ ਪੈਟਰੋਲਿੰਗ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਉਚ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੀ ਬਹਾਲੀ ਲਈ ਜਾਂਚ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਵਲੋਂ ਹੋਰ ਪੁਲਿਸ ਅਧਿਕਾਰੀਆਂ ਨਾਲ ਮਹਾਂ ਲਕਸ਼ਮੀ ਮੰਦਿਰ ਦਾ ਦੌਰਾ ਕਰਕੇ ਪੁਲਿਸ ਅਧਿਕਾਰੀਆਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ, ਏ.ਸੀ.ਪੀ ਸਤਿੰਦਰ ਚੱਡਾ, ਹਰਸਿਮਰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।