ਚੰਡੀਗੜ੍ਹ| ਕੇਂਦਰ ਸਰਕਾਰ ਨੇ ਆਯੂਸ਼ਮਾਨ ਭਾਰਤ ਸਕੀਮ ਦੇ ਫੰਡਾਂ ਦੀ ਵਰਤੋਂ ਮੁਹੱਲਾ ਕਲੀਨਿਕਾਂ ‘ਚ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਨੂੰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਆਯੁਸ਼ਮਾਨ ਭਾਰਤ ਸਿਹਤ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ‘ਚ ਤਬਦੀਲ ਕਰ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਮੁਹੱਲਾ ਕਲੀਨਿਕ ਆਮ ਆਦਮੀ ਪਾਰਟੀ ਦਾ ਪਸੰਦੀਦਾ ਪ੍ਰੋਜੈਕਟ ਹੈ। ਪੰਜਾਬ ‘ਚ ਇਸ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੂੰ 6 ਫਰਵਰੀ ਨੂੰ ਪੱਤਰ ਵੀ ਲਿਖਿਆ ਸੀ। ਇਸ ‘ਚ ਮੰਤਰਾਲੇ ਨੇ ਕਿਹਾ ਕਿ ਰਾਜ ਨੇ ਯੋਜਨਾ ਦੀ ਭਾਵਨਾ ਨੂੰ ਤਬਾਹ ਕਰ ਦਿੱਤਾ ਹੈ। ਨਾਲ ਹੀ, AB-HWC ਨੂੰ ਆਮ ਆਦਮੀ ਕਲੀਨਿਕ ਵਜੋਂ ਬ੍ਰਾਂਡ ਕਰਕੇ ਇਸ ਨੇ ਆਪਣੀ ਵਚਨਬੱਧਤਾ ਦੀ ਉਲੰਘਣਾ ਕੀਤੀ ਹੈ। ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਇਸ ਸਕੀਮ ਦੇ ਲਾਗੂ ਪ੍ਰਬੰਧਾਂ ਦੀ ਪਾਲਣਾ ਨਹੀਂ ਕਰ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਕਰੀਬ 3029 ਉਪ ਸਿਹਤ ਕੇਂਦਰ, ਪ੍ਰਾਇਮਰੀ ਹੈਲਥ ਸੈਂਟਰ ਅਤੇ ਅਰਬਨ ਹੈਲਥ ਸੈਂਟਰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰ (HWC) ਦੀ ਯੋਜਨਾ ਕੇਂਦਰ ਅਤੇ ਰਾਜ ਵਿਚਕਾਰ 60:40 ਦੇ ਅਨੁਪਾਤ ਨਾਲ ਤਿਆਰ ਕੀਤੀ ਗਈ ਹੈ। ਜੇਕਰ ਕੋਈ ਰਾਜ ਇਸ ਸਕੀਮ ਨੂੰ ਲਾਗੂ ਕਰਨ ਦੌਰਾਨ ਬਦਲਾਅ ਕਰਦਾ ਹੈ ਤਾਂ ਕੇਂਦਰ ਤੋਂ ਜਾਰੀ ਫੰਡਾਂ ਨੂੰ ਰੋਕ ਦਿੱਤਾ ਜਾਵੇਗਾ। ਪੱਤਰ ‘ਚ ਪੰਜਾਬ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਤੋਂ ਰੋਕਣ ਅਤੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਪਹਿਲਾਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬ੍ਰਾਂਡਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 2022-23 ‘ਚ ਪੰਜਾਬ ਨੂੰ 1114 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਦਨ ‘ਚ ਕਿਹਾ ਸੀ ਕਿ ਪੰਜਾਬ ਅਤੇ ਆਂਧਰਾ ਪ੍ਰਦੇਸ਼ ਸਰਕਾਰਾਂ ਕੇਂਦਰੀ ਸਕੀਮ ਤਹਿਤ ਭੇਜੇ ਗਏ ਫੰਡਾਂ ਦਾ ਨਾਂ ਬਦਲ ਕੇ ਵਰਤ ਰਹੀਆਂ ਹਨ।