ਲੁਧਿਆਣਾ। ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਪੁਰਬ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ। ਉਹ ਅੱਜ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਪੁੱਜੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਲਵਾਰਾ ਏਅਰਪੋਰਟ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਿਆ ਹੈ ਅਤੇ ਇਸ ਨੂੰ ਵੀ ਜਲਦ ਚਾਲੂ ਕੀਤਾ ਜਾਵੇਗਾ ਜਿਸ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਹੋ ਚੁੱਕਾ ਹੈ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੱਟੜਪੰਥੀ ਆਗੂ ਅੰਮ੍ਰਿਤਪਾਲ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ ਜਾਣ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਜੀਠੀਆ ਵਰਗੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦੇ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ।
ਜਦੋਂ ਕੇਂਦਰ ਵਲੋਂ ਅਮਨ-ਕਾਨੂੰਨ ਸਬੰਧੀ ਸੂਬਾ ਸਰਕਾਰ ਤੋਂ ਜਵਾਬ ਮੰਗੇ ਜਾਣ ਤੇ ਪੁੱਛੇ ਗਏ ਸਵਾਲ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਹਰ ਰੋਜ਼ ਘਟਨਾਵਾਂ ਵਾਪਰਨ ਦਾ ਕਾਰਨ ਬਣਦੇ ਨੇ ਇਸ ਤੋਂ ਇਲਾਵਾ ਬੰਦੂਕ ਸੱਭਿਆਚਾਰ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਬੰਦੂਕਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।