ਕੁੜੀ ਦੇ ਵਿਆਹ ‘ਤੇ ਪੰਜਾਬ ਸਰਕਾਰ ਦੇਵੇਗੀ 51 ਹਜ਼ਾਰ ਰੁਪਏ, ਪੜ੍ਹੋ ਕੌਣ-ਕੌਣ ਕਰ ਸਕਦਾ ਅਪਲਾਈ

0
26911

ਚੰਡੀਗੜ | ਪੰਜਾਬ ਸਰਕਾਰ ਨੇ ਆਸ਼ੀਰਵਾਦ ਯੋਜਨਾ ਤਹਿਤ ਵਿਆਹ ਕਰਵਾਉਣ ਵਾਲੀਆਂ ਕੁੜੀਆਂ ਨੂੰ ਮਿਲਣ ਵਾਲੀ ਮਦਦ 21 ਹਜ਼ਾਰ ਤੋਂ ਵਧਾ ਕੇ 51,000 ਰੁਪਏ ਕਰ ਦਿੱਤੀ ਹੈ।

ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਜਨਾ ਅਧੀਨ ਇਹ ਤਾਜ਼ਾ ਵਾਧਾ 1 ਜੁਲਾਈ 2021 ਤੋਂ ਲਾਗੂ ਹੋਵੇਗਾ। ਮੌਜੂਦਾ ਸਰਕਾਰ ਦੁਆਰਾ ਸਕੀਮ ਦੀ ਰਾਸ਼ੀ ਵਿੱਚ ਕੀਤਾ ਗਿਆ ਇਹ ਦੂਜਾ ਵਾਧਾ ਹੈ, ਜਿਸ ਨੇ ਪਹਿਲਾਂ 2017 ਵਿਚ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਸਹਾਇਤਾ ਰਾਸ਼ੀ 15,000 ਰੁਪਏ ਤੋਂ ਵਧਾ ਕੇ 21,000 ਰੁਪਏ ਕੀਤੀ ਸੀ ਅਤੇ ਸ਼ਗਨ ਸਕੀਮ ਦਾ ਨਾਮ ਬਦਲ ਕੇ ਆਸ਼ੀਰਵਾਦ ਯੋਜਨਾ ਰੱਖਿਆ ਗਿਆ ਸੀ।

ਕਿਸ-ਕਿਸ ਨੂੰ ਮਿਲੇਗਾ ਫਾਇਦਾ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਯੋਜਨਾ ਅਨੁਸੂਚਿਤ ਜਾਤੀ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ/ਜਾਤੀਆਂ, ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਦੇ ਨਾਲ-ਨਾਲ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮੁਸਲਮਾਨ ਲੜਕੀਆਂ ਉੱਤੇ ਵੀ ਲਾਗੂ ਹੈ। ਅਨੁਸੂਚਿਤ ਜਾਤੀ ਨਾਲ ਸਬੰਧਤ ਵਿਧਵਾਵਾਂ /ਤਲਾਕਸ਼ੁਦਾ ਔਰਤ ਵੀ ਦੁਬਾਰਾ ਵਿਆਹ ਦੇ ਸਮੇਂ ਇਸ ਯੋਜਨਾ ਅਧੀਨ ਲਾਭ ਲੈਣ ਦੀਆਂ ਹੱਕਦਾਰ ਹਨ।

ਉਨਾਂ ਕਿਹਾ ਕਿ ਮੁਸਲਿਮ ਲੜਕੀਆਂ 2006 ਵਿੱਚ ਵੀ ਸੂਚੀ ਵਿਚ ਸਨ ਅਤੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜੇ ਅਣਜਾਣੇ ਵਿਚ ਉਨਾਂ ਦਾ ਨਾਮ ਸ਼ਾਮਲ ਕਰਨਾ ਰਹਿ ਗਿਆ ਹੋਵੇ ਤਾਂ ਉਨਾਂ ਨੂੰ ਵੀ ਸ਼ਾਮਲ ਕੀਤਾ ਜਾਵੇ।

ਬੁਲਾਰੇ ਨੇ ਕਿਹਾ ਕਿ ਇਸ ਰਾਸ਼ੀ ਵਿੱਚ ਤਾਜ਼ਾ ਵਾਧੇ ਨਾਲ 60,000 ਲਾਭਪਾਤਰੀਆਂ ਨੂੰ ਫਾਇਦਾ ਹੋਏਗਾ ਜਿਸ ਨਾਲ ਸਰਕਾਰੀ ਖ਼ਜ਼ਾਨੇ ’ਤੇ 180 ਕਰੋੜ ਰੁਪਏ ਦਾ ਬੋਝ ਪਵੇਗਾ। ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਸ਼ਕਤੀਕਰਨ ਲਈ ਚੁੱਕੇ ਵੱਖ-ਵੱਖ ਕਦਮਾਂ ਲਈ ਵਧਾਈ ਦਿੱਤੀ।

ਉਨਾਂ ਕਿਹਾ ਕਿ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਲਈ, ਸਾਰੇ ਸਰੋਤਾਂ ਤੋਂ ਪਰਿਵਾਰ ਦੀ ਸਾਲਾਨਾ ਆਮਦਨ 32790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਲੜਕੀ ਦੇ ਮਾਤਾ-ਪਿਤਾ/ਦੇਖ-ਰੇਖ ਕਰਨ ਵਾਲੇ ਪੰਜਾਬ ਦੇ ਵਸਨੀਕ ਹੋਣੇ ਚਾਹੀਦੇ ਹਨ ਅਤੇ ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਇੱਕ ਪਰਿਵਾਰ ਦੀਆਂ ਸਿਰਫ਼ ਦੋ ਲੜਕੀਆਂ ਤੱਕ ਸੀਮਤ ਹੈ।

ਬਿਨੈਕਾਰ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਦੇ 30 ਦਿਨਾਂ ਬਾਅਦ ਨਿਰਧਾਰਤ ਪ੍ਰੋਫਾਰਮੇ ਵਿਚ ਬਿਨੈ-ਪੱਤਰ ਜਮਾਂ ਕਰਵਾਉਣਾ ਹੋਵੇਗਾ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)