ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ 6.90 ਕਰੋੜ ਕਰੇਗੀ ਖਰਚ

0
765

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿਚ ਇਕ ਕਦਮ ਹੋਰ ਪੁੱਟਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।

ਇਸ ਗੱਲ ਦਾ ਖੁਲਾਸਾ ਕਰਦਿਆਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀਐਨਜੀ ਆਧਾਰਿਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਤ ਕਰਨ ਦੇ ਨਾਲ-ਨਾਲ ਹਰ ਪੱਖੋਂ ਸ਼ਮਸ਼ਾਨਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਡਾ. ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।