ਪੰਜਾਬ ਸਰਕਾਰ ਦਾ ਇਤਿਹਾਸਕ ਕਦਮ, ਮਹਿਜ਼ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

0
96

ਪਟਿਆਲਾ, 4 ਦਸੰਬਰ | ਮਿਸ਼ਨ ਰੋਜ਼ਗਾਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਹੁਣ ਤੱਕ ਲਗਭਗ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿਚ ਜਲਦੀ ਹੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਅੱਜ ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲਤਾ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਗੀਦਾਰ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦੇਣ ਦੇ ਨਾਲ-ਨਾਲ ਉਨ੍ਹਾਂ ਨੌਜਵਾਨਾਂ ਦੇ ਵੀ ਹੱਲ ਲੱਭੇ ਜਾ ਰਹੇ ਹਨ, ਜੋ ਸੰਘਰਸ਼ ਕਰਦੇ ਹੋਏ ਉਮਰ ਦੀ ਹੱਦ ਪਾਰ ਕਰ ਚੁੱਕੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੈ ਅਤੇ ਜਿੱਤ ਦੀ ਕੁੰਜੀ ਸਿਰਫ਼ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਆਪਣੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਯਤਨ ਕਰਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50 ਹਜ਼ਾਰ ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟ ਦੀ ਬਜਾਏ ਜ਼ਮੀਨ ਨਾਲ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਰਹਿ ਕੇ ਮਿਹਨਤ ਕਰਨ ਵਾਲੇ ਹੀ ਦੁਨੀਆਂ ਨੂੰ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮਿਹਨਤੀ ਲੋਕਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੈਰਾਸ਼ੂਟ ਨਾਲ ਅਸਮਾਨ ਤੋਂ ਸਿੱਧੇ ਉਤਰਨ ਵਾਲੇ ਲੋਕ ਕਈ ਵਾਰ ਜ਼ਮੀਨ ‘ਤੇ ਵੀ ਡਿੱਗ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਪ੍ਰਕਿਰਿਆ ਅਪਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਜਨਤਾ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਕਰਮਚਾਰੀ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰਾਪਤੀਆਂ ‘ਤੇ ਹੰਕਾਰ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਵੱਡੀ ਸਫਲਤਾ ਲਈ ਸਖ਼ਤ ਮਿਹਨਤ ਕਰਨ। ਭਗਵੰਤ ਸਿੰਘ ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਕਿਹਾ ਕਿ ਉੱਚ ਅਹੁਦਿਆਂ ‘ਤੇ ਪਹੁੰਚਣ ਤੋਂ ਬਾਅਦ ਵੀ ਉਨ੍ਹਾਂ ਨੂੰ ਜ਼ਮੀਨ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਸਖ਼ਤ ਮਿਹਨਤ ‘ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਹੀ ਸਫਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪਲੇਟਫਾਰਮ ਦੀ ਵਰਤੋਂ ਕਰਕੇ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਚੰਗੇ ਇਨਸਾਨ ਬਣਨੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿਚ ਅਹਿਮ ਅਹੁਦਿਆਂ ‘ਤੇ ਰਹਿਣ ਲਈ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਾਡੇ ਨੌਜਵਾਨ ਉੱਚ ਅਹੁਦਿਆਂ ‘ਤੇ ਰਹਿ ਕੇ ਦੇਸ਼ ਦੀ ਸੇਵਾ ਕਰਨ।

ਭਗਵੰਤ ਸਿੰਘ ਮਾਨ ਨੇ ਤਾਅਨਾ ਮਾਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਕਾਨਵੈਂਟ ਸਕੂਲ ਪੜ੍ਹਿਆ-ਲਿਖਿਆ ਸਿਆਸੀ ਆਗੂ ਹੈ, ਜਿਸ ਨੂੰ ਸੂਬੇ ਦੀ ਭੂਗੋਲਿਕ ਸਥਿਤੀ ਦਾ ਕੋਈ ਗਿਆਨ ਨਹੀਂ ਹੈ ਪਰ ਸੱਤਾ ਹਾਸਲ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਕਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਰਿਕਾਰਡ ਹਮੇਸ਼ਾ ਹੀ ਸਵਾਲਾਂ ਦੇ ਘੇਰੇ ਵਿੱਚ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਰਾਜ ਵਿਰੋਧੀ ਤਾਕਤਾਂ ਨਾਲ ਖੜ੍ਹ ਕੇ ਪੰਜਾਬ ਨਾਲ ਧੋਖਾ ਕਰਦਾ ਰਿਹਾ ਹੈ, ਚਾਹੇ ਉਹ ਮੁਗਲ ਹੋਵੇ, ਅੰਗਰੇਜ਼ ਹੋਵੇ ਜਾਂ ਹੁਣ ਬੀ.ਜੇ.ਪੀ. ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੜਵਾਹਟ ਦੇ ਮਾਹਿਰ ਹਨ, ਜੋ ਕਿਸੇ ਵੀ ਘਟਨਾ ਜਾਂ ਸਥਾਨ ਨਾਲ ਆਪਣੇ ਆਪ ਨੂੰ ਜੋੜ ਸਕਦੇ ਹਨ।