ਪੰਜਾਬ ਸਰਕਾਰ ਦੇ ਨਵੇਂ ਹੁਕਮ : ਕੋਈ ਵੀ ਅਧਿਕਾਰੀ ਸੀਨੀਅਰ ਅਧਿਕਾਰੀਆਂ ਨੂੰ ਦੱਸੇ ਬਿਨਾਂ ਆਪਣਾ ਹੈੱਡਕੁਆਰਟਰ ਨਾ ਛੱਡੇ

0
269

ਚੰਡੀਗੜ੍ਹ | ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਆਪਣਾ ਹੈੱਡਕੁਆਰਟਰ ਨਾ ਛੱਡੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਧਿਆਨ ਖਿੱਚਣ ਵਾਲੇ ਮਤੇ ਦੇ ਜਵਾਬ ‘ਚ ਕਹੀ।

ਦਿਨੇਸ਼ ਚੱਢਾ ਨੇ ਆਪਣੇ ਮਤੇ ਰਾਹੀਂ ਦੱਸਿਆ ਕਿ ਲੰਬੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਸਟੇਸ਼ਨਾਂ ‘ਤੇ ਰੁਕਣ ਦੀ ਬਜਾਏ ਸ਼ਾਮ 5 ਵਜੇ ਤੋਂ ਬਾਅਦ ਚੰਡੀਗੜ੍ਹ, ਮੋਹਾਲੀ ਜਾਂ ਹੋਰ ਥਾਵਾਂ ‘ਤੇ ਆਪਣੇ ਘਰਾਂ ਨੂੰ ਪਰਤ ਜਾਂਦੇ ਹਨ। ਇਸ ਨਾਲ ਜਨਤਕ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਚੱਢਾ ਨੇ ਮੰਗ ਕੀਤੀ ਕਿ ਇਸ ਸਬੰਧੀ ਲੋੜੀਂਦੇ ਹੁਕਮ ਜਾਰੀ ਕੀਤੇ ਜਾਣ। ਇਸ ਦੇ ਜਵਾਬ ‘ਚ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਨਾਅਰਾ ‘ਲੋਕਾਂ ਦੇ ਬੂਹੇ ‘ਤੇ ਸਰਕਾਰ’ ਹੈ। ਇਸ ਨਾਅਰੇ ਨੂੰ ਅਮਲੀ ਰੂਪ ਦਿੰਦਿਆਂ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਇੱਕ ਰਸਮੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।