ਚੰਡੀਗੜ੍ਹ | ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ‘ਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ‘ਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੇ 250 ਲੋਕਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਦਾਅਵਾ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਨਸ਼ਾ ਤਸਕਰਾਂ ਦੀ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।
ਹੁਣ ਪੁਲਿਸ ਅਤੇ ਮਾਲ ਵਿਭਾਗ ਦੇ ਅਧਿਕਾਰੀ ਮਿਲ ਕੇ ਸੂਬੇ ‘ਚ ਨਸ਼ਿਆਂ ਦੇ ਚੱਕਰਵਿਊ ਨੂੰ ਖਤਮ ਕਰਨ ਲਈ ਕੰਮ ਕਰਨਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਜਿਵੇਂ ਹੀ ਕੋਈ ਨਸ਼ਾ ਤਸਕਰ ਪੁਲਿਸ ਵੱਲੋਂ ਫੜਿਆ ਜਾਵੇਗਾ ਤਾਂ ਮਾਲ ਵਿਭਾਗ ਵੱਲੋਂ ਪਹਿਲ ਦੇ ਆਧਾਰ ‘ਤੇ ਉਸ ਦੀ ਜਾਇਦਾਦ ਦਾ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਇਆ ਜਾਵੇਗਾ | ਫਿਰ ਪੁਲਿਸ ਸੱਤ ਦਿਨਾਂ ਦੇ ਅੰਦਰ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ।
ਇਸ ਤੋਂ ਇਲਾਵਾ ਪੁਲਿਸ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਵੀ ਫੋਕਸ ਕਰ ਰਹੀ ਹੈ। ਉਥੇ ਕੈਮਰੇ ਲਗਾਉਣ ਦਾ ਪ੍ਰਾਜੈਕਟ ਪੁਲਿਸ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ‘ਤੇ 20 ਕਰੋੜ ਰੁਪਏ ਦੀ ਲਾਗਤ ਆਵੇਗੀ। ਪਹਿਲੇ ਪੜਾਅ ‘ਚ ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ ‘ਚ 575 ਥਾਵਾਂ ’ਤੇ ਕੈਮਰੇ ਲਾਏ ਜਾਣਗੇ। ਹਾਲਾਂਕਿ, ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਕੰਮ ਕਰ ਰਹੀਆਂ ਹਨ।