ਪੰਜਾਬ ‘ਚ ਹੁਣ 10ਵੀਂ ਜਮਾਤ ਤੱਕ ਪੰਜਾਬੀ ਲਾਜ਼ਮੀ, ਨਾ ਪੜ੍ਹਾਉਣ ‘ਤੇ ਲੱਗੇਗਾ 2 ਲੱਖ ਰੁਪਏ ਤੱਕ ਦਾ ਜੁਰਮਾਨਾ

0
1276

ਚੰਡੀਗੜ੍ਹ | ਇਸ ਵਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗੀ। ਇਸ ਦੌਰਾਨ ਵੀਰਵਾਰ ਨੂੰ ਕੁੱਲ 16 ਬਿੱਲ ਪਾਸ ਕੀਤੇ ਗਏ ਹਨ।

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ 2 ਅਹਿਮ ਬਿੱਲ ‘ਪੰਜਾਬੀ ਅਤੇ ਹੋਰ ਭਾਸ਼ਾ ਸਿੱਖਿਆ (ਸੋਧ) ਬਿੱਲ 2021’ ਤੇ ‘ਪੰਜਾਬ ਰਾਜ ਭਾਸ਼ਾ (ਸੋਧ) ਬਿੱਲ-2021’ ਪੇਸ਼ ਕੀਤੇ, ਜੋ ਕਿ ਵਿਧਾਨ ਸਭਾ ਵਿੱਚ ਪਾਸ ਕਰਵਾਏ ਗਏ ਹਨ।

ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ 2021 ਦੇ ਪਾਸ ਹੋਣ ਨਾਲ ਹੁਣ ਸੂਬੇ ਦੇ ਸਕੂਲਾਂ ਵਿੱਚ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਵਿਸ਼ਾ ਲਾਜ਼ਮੀ ਬਣਾ ਦਿੱਤਾ ਜਾਵੇਗਾ।

ਅਜਿਹਾ ਨਾ ਕਰਨ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਨਾਲ ਜੁਰਮਾਨੇ ਦੀ ਰਕਮ 25000, 50000 ਤੇ 1 ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50000, 1 ਲੱਖ ਅਤੇ 2 ਲੱਖ ਰੁਪਏ ਕਰ ਦਿੱਤੀ ਜਾਵੇਗੀ।

ਜੇਕਰ ਕੋਈ ਵੀ ਸਕੂਲ ਜੋ ਪਹਿਲੀ ਵਾਰ ਐਕਟ ਦੇ ਉਪਬੰਧਾਂ ਜਾਂ ਇਸ ਦੇ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਦੀ ਮਿਆਦ ਲਈ ਉਲੰਘਣਾ ਕਰਦਾ ਹੈ ਤਾਂ ਉਸ ਨੂੰ 50000 ਰੁਪਏ ਦਾ ਜੁਰਮਾਨਾ ਲੱਗੇਗਾ।

ਜੇਕਰ ਅਜਿਹਾ ਸਕੂਲ ਇੱਕ ਮਹੀਨੇ ਤੋਂ ਵੱਧ ਦੀ ਮਿਆਦ ਲਈ ਦੂਜੀ ਵਾਰ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 1 ਲੱਖ ਰੁਪਏ ਜੁਰਮਾਨਾ ਹੋਵੇਗਾ। ਜੇਕਰ ਅਜਿਹਾ ਸਕੂਲ ਤੀਜੀ ਵਾਰ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 2 ਲੱਖ ਰੁਪਏ ਦਾ ਜੁਰਮਾਨਾ ਹੋਵੇਗਾ।

ਦੂਜਾ ਬਿੱਲ ਪੰਜਾਬ ਰਾਜ ਭਾਸ਼ਾ (ਸੋਧ ਬਿੱਲ-2021) ਪਾਸ ਕੀਤਾ ਗਿਆ, ਜਿਸ ਤਹਿਤ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ 500 ਰੁਪਏ, ਦੂਜੀ ਵਾਰ 2000 ਰੁਪਏ ਅਤੇ ਤੀਜੀ ਵਾਰ ਅਜਿਹਾ ਕਰਨ ‘ਤੇ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਤੋਂ ਵਸੂਲਿਆ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਤੋਂ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕਿਸੇ ਵੀ ਸਕੂਲ ਵੱਲੋਂ ਇਸ ਦੀ ਪਾਲਣਾ ਨਾ ਕੀਤੇ ਜਾਣ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲੱਗੇਗਾ।

ਪੰਜਾਬੀ ਭਾਸ਼ਾ ਦਫ਼ਤਰਾਂ ਵਿੱਚ ਵੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ‘ਤੇ ਪੰਜਾਬੀ ਭਾਸ਼ਾ ਸਭ ਤੋਂ ਸਿਖ਼ਰ ’ਤੇ ਲਿਖੀ ਜਾਵੇਗੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ