ਪੁਲਿਸ ਛਾਉਣੀ ਬਣੀ ਪੰਜਾਬੀ ਯੂਨੀਵਰਸਿਟੀ, ਵਿਦਿਆਰਥੀ ਸੰਘਰਸ਼ ਨੂੰ ਟਾਲਣ ਲਈ ਭਾਰੀ ਸੁਰੱਖਿਆ ਮੁਲਾਜ਼ਮ ਤਾਇਨਾਤ

0
2940

ਪਟਿਆਲਾ, 18 ਸਤੰਬਰ | ਵਿਦਿਆਰਥੀ ਸੰਘਰਸ਼ ਨੂੰ ਅਸਫਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਤੜਕੇ ਹੀ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਗੇਟ ‘ਤੇ ਵੱਡੀ ਗਿਣਤੀ ਵਿਚ ਪੁਲਿਸ ਤੇ ਕੈਂਪਸ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਪ੍ਰੋਫੈਸਰ ਦੀ ਕੁੱਟਮਾਰ ਸਬੰਧੀ ਵਿਦਿਆਰਥੀਆਂ ਖ਼ਿਲਾਫ਼ ਦਰਜ ਹੋਏ ਮਾਮਲੇ ਖਿਲਾਫ ਵੱਖ-ਵੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਵੱਡਾ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਧਰਨੇ ਨੂੰ ਟਾਲਣ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ। ਇਸਦੇ ਚੱਲਦਿਆਂ ਹੀ ਐਤਵਾਰ ਨੂੰ ਵੀ ਵਾਈਸ ਚਾਂਸਲਰ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ।

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਰੂਪ ਵਿਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਲਈ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਨੂੰ ਪੜਤਾਲੀਆ ਅਫਸਰ ਨਿਯੁਕਤ ਕਰ ਦਿੱਤਾ ਗਿਆ ਹੈ। ਉਹ ਆਪਣਾ ਕੰਮ ਸੋਮਵਾਰ ਤੋਂ ਸ਼ੁਰੂ ਕਰ ਦੇਣਗੇ, ਜਿਸ ਦੇ ਆਧਾਰ ਉਤੇ ਤੁਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।