ਪੰਜਾਬ ਦੇ ਅਕਾਸ਼ਦੀਪ ਨੇ ਰਾਂਚੀ ‘ਚ 20 ਕਿਲੋਮੀਟਰ ਪੈਦਲ ਤੋਰ ‘ਚ ਜਿੱਤਿਆ ਸੋਨੇ ਦਾ ਤਮਗਾ

0
4416

ਚੰਡੀਗੜ੍ਹ | ਪਿੰਡ ਕਾਹਨੇਕੇ ਦੇ ਐਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਐਥਲੈਟਿਕਸ ਵਿਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਐਥਲੀਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਐਥਲੈਟਿਕਸ ਵਿਚ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਐਥਲੀਟ ਹੈ, ਜਿਸ ਉੱਤੇ ਪੂਰੇ ਸੂਬੇ ਨੂੰ ਮਾਣ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿਚ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨਿਰੰਤਰ ਯਤਨ ਕਰ ਰਿਹਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਅਕਾਸ਼ਦੀਪ ਸਿੰਘ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਸਿਰ ਬੰਨ੍ਹਿਆ।

ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਦੇਖ-ਰੇਖ ਵਿੱਚ ਤਿਆਰੀ ਕਰਦੇ ਅਕਾਸ਼ਦੀਪ ਸਿੰਘ ਨੇ ਰਾਂਚੀ (ਝਾਰਖੰਡ) ਵਿਖੇ ਚੱਲ ਰਹੀ 10ਵੀਂ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਦੀ 20 ਕਿਲੋਮੀਟਰ ਪੈਦਲ ਤੋਰ ਵਿਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਪੈਰਿਸ ਓਲੰਪਿਕ ਖੇਡਾਂ ਲਈ 20 ਕਿਲੋਮੀਟਰ ਪੈਦਲ ਤੋਰ ਵਿਚ ਕੁਆਲੀਫਾਈ ਵਾਸਤੇ 1.20.10 ਦਾ ਸਮਾਂ ਮਿੱਥਿਆ ਹੋਇਆ ਹੈ। ਅਕਾਸ਼ਦੀਪ ਸਿੰਘ ਨੇ ਓਲੰਪਿਕਸ ਦੇ ਨਾਲ ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ੀਆਈ ਖੇਡਾਂ ਲਈ ਵੀ ਕੁਆਲੀਫਾਈ ਕੀਤਾ ਹੈ।