ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਦੀ ਤਰੱਕੀ ‘ਤੇ ਉੱਠੇ ਸਵਾਲ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

0
494

ਚੰਡੀਗੜ੍ਹ | ਸੂਬੇ ਦੇ ਨਵੇਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਤਰੱਕੀ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਹਨਾਂ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਗਿਆ ਹੈ। ਮਾਮਲੇ ‘ਤੇ ਹਾਈਕੋਰਟ ‘ਚ 1 ਅਗਸਤ ਨੂੰ ਸੁਣਵਾਈ ਹੋਵੇਗੀ। ਇਹ ਪਟੀਸ਼ਨ ਟੀਐਸ ਮਿਸ਼ਰਾ ਨੇ ਪਾਈ ਹੈ। ਉਹਨਾਂ ਕਿਹਾ ਕਿ ਜੰਜੂਆ ਦੀ ਮੁੱਖ ਸਕੱਤਰ ਵਜੋਂ ਲਾਉਣਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਜੰਜੂਆ ਨੂੰ ਕੈਪਟਨ ਸਰਕਾਰ ਸਮੇਂ ਵੀ ਕਲੀਨ ਚਿੱਟ ਮਿਲ ਚੁੱਕੀ ਹੈ।

ਕੇ ਜੰਜੂਆ ਨੂੰ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਸਕੱਤਰ ਨਿਯੁਕਤ ਕੀਤਾ ਸੀ। ਅਨਿਰੁਧ ਤਿਵਾਰੀ ਨੂੰ ਹਟਾ ਕੇ ਜੰਜੂਆ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਤਿਵਾੜੀ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਮੁੱਖ ਸਕੱਤਰ ਬਣਾਇਆ ਸੀ। ਹਾਲਾਂਕਿ ‘ਆਪ’ ਸਰਕਾਰ ਨੇ ਉਨ੍ਹਾਂ ਤੋਂ ਕਰੀਬ ਤਿੰਨ ਮਹੀਨੇ ਕੰਮ ਲਿਆ ਸੀ।

ਵੀ ਕੇ ਜੰਜੂਆ ਨੂੰ ਵਿਜੀਲੈਂਸ ਬਿਊਰੋ ਨੇ 9 ਨਵੰਬਰ 2009 ਨੂੰ ਡਾਇਰੈਕਟਰ ਇੰਡਸਟਰੀਜ਼ ਹੁੰਦਿਆਂ 2 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਹ ਰਕਮ ਲੁਧਿਆਣਾ ਦੇ ਇੱਕ ਵਪਾਰੀ ਤੋਂ ਲਈ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਸੇ ਦਿਨ ਜੰਜੂਆ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਹ ਕੇਸ ਉਨ੍ਹਾਂ ਖ਼ਿਲਾਫ਼ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ।

ਆਈਏਐਸ ਅਧਿਕਾਰੀ ਹੋਣ ਕਾਰਨ ਉਸ ਖ਼ਿਲਾਫ਼ ਕੇਸ ਚਲਾਉਣ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਜਿਸ ਤੋਂ ਬਾਅਦ 2018 ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਜੀਲੈਂਸ ਬਿਊਰੋ ਨੇ ਉਸ ਵਿਰੁੱਧ ਕੇਸ ਦੀ ਅੱਗੇ ਪੈਰਵੀ ਕਰਨ ਤੋਂ ਇਨਕਾਰ ਕਰ ਦਿੱਤਾ।