ਚੰਡੀਗੜ੍ਹ | ਕੇਂਦਰੀ ਖੇਤੀ ਕਾਨੂੰਨਾਂ ਦਾ ਪੰਜਾਬ ‘ਚ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ ‘ਚ ਕਈ ਥਾਵਾਂ ‘ਤੇ ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਡੇਰਾ ਲਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ‘ਚ ਰੇਲ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ। ਨਤੀਜਾ ਇਹ ਕਿ ਰੇਲਵੇ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚ ਰਿਹਾ ਹੈ।
ਰੇਲਵੇ ਮੁਤਾਬਕ ਹੁਣ ਤਕ 2,220 ਕਰੋੜ ਰੁਪਏ ਦਾ ਨੁਕਸਾਨ ਪਹੁੰਚ ਚੁੱਕਾ ਹੈ। ਇਸ ‘ਚ 67 ਕਰੋੜ ਯਾਤਰੀ ਟਰੇਨਾਂ ਦੇ ਨਾ ਚੱਲਣ ਨਾਲ ਨੁਕਸਾਨ ਹੋਇਆ ਹੈ। ਪੰਜਾਬ ‘ਚ 24 ਸਤੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਜਾਰੀ ਹਨ। ਇਸ ਕਾਰਨ 3,850 ਮਾਲ ਗੱਡੀਆਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤਕ 2,352 ਯਾਤਰੀ ਟਰੇਨਾਂ ਰੱਦ ਕਰਨੀਆਂ ਪਈਆਂ ਤੇ ਕਈਆਂ ਦੇ ਰੂਟ ਡਾਇਵਰਟ ਕੀਤੇ ਗਏ।
ਓਧਰ ਕਿਸਾਨਾਂ ਦਾ ਸਿੱਧਾ ਕਹਿਣਾ ਹੈ ਕਿ ਉਹ ਪੰਜਾਬ ‘ਚ ਸਿਰਫ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦੇਣਗੇ। ਜੇਕਰ ਕੇਂਦਰ ਸਰਕਾਰ ਮਾਲ ਗੱਡੀਆਂ ਚਲਾਵੇਗੀ ਤਾਂ ਉਸ ਤੋਂ ਬਾਅਦ ਯਾਤਰੀ ਰੇਲ ਗੱਡੀਆਂ ਚੱਲਣ ਬਾਰੇ ਸੋਚਣਗੇ।