ਲੁਧਿਆਣਾ  | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਰਾਜਾ ਵੜਿੰਗ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਰੇਲਾਂ ਅਤੇ ਸੜਕਾਂ ਜਾਮ ਨਾ ਕਰਨ ਅਤੇ ਰੇਲਵੇ ਮਾਰਗ ਤੁਰੰਤ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਇਸ ਲਈ ਕਿਸਾਨਾਂ ਨੂੰ ਰੇਲਵੇ ਅਤੇ ਸੜਕਾਂ ਨੂੰ ਨਹੀਂ ਰੋਕਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਹਮੇਸ਼ਾ ਸੁਲ੍ਹਾ-ਸਫਾਈ ਵਿੱਚ ਵਿਸ਼ਵਾਸ ਰੱਖਦੀ ਹੈ ਨਾ ਕਿ ਟਕਰਾਅ ਵਿਚ। ਉਨ੍ਹਾਂ ਕਿਹਾ ਕਿ ਰੇਲ ਅਤੇ ਸੜਕੀ ਰੁਕਾਵਟਾਂ ਤੋਂ ਹਰ ਕੀਮਤ ‘ਤੇ ਬਚਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘ਆਪ’ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰਿਆਣਾ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ਨਾਲ ਮਿਲ ਕੇ ਕਿਸਾਨਾਂ ਦਾ ਰਾਹ ਰੋਕ ਕੇ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਿਆ। ਇਸ ਕਾਰਨ ਕਿਸਾਨਾਂ ਨੂੰ ਸ਼ੰਭੂ ਸਰਹੱਦ ‘ਤੇ ਡੇਰੇ ਲਾਉਣ ਲਈ ਮਜਬੂਰ ਹੋਣਾ ਪਿਆ।