ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਜ਼ਿਲੇ ਦੇ ਪਿੰਡ ਹਰੀਕੇ ਕਲਾਂ ਵਿਖੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਵਾਰ ਫਿਰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਦਿਨ ਪਹਿਲਾਂ ਵੀ ਇਸ ਪਿੰਡ ‘ਚ ਵਿਧਾਇਕ ਰਾਜਾ ਵੜਿੰਗ ਨੂੰ ਕਿਸਾਨੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ ਰਾਜਾ ਵੜਿੰਗ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।
ਪੁਲਿਸ ਪ੍ਰਸ਼ਾਸਨ ਨੇ ਇਸ ਦੌਰਾਨ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਨੂੰ ਇਕ ਪਾਸੇ ਰੋਕੀ ਰੱਖਿਆ ਅਤੇ ਵਿਧਾਇਕ ਰਾਜਾ ਵੜਿੰਗ ਦੀ ਕਾਰ ਨੂੰ ਇਥੋਂ ਲੰਘਾ ਦਿੱਤਾ ਗਿਆ। ਇਸ ਦੌਰਾਨ ਇਕੱਤਰ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਤੋਂ ਕੁਝ ਸਵਾਲ ਕਰਨੇ ਸਨ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਾਸੇ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸੰਯੁਕਤ ਮੋਰਚਾ ਵੱਲੋਂ ਮਿਲੇ ਸੱਦੇ ਤਹਿਤ ਪਿੰਡਾਂ ‘ਚ ਆਉਣ ਵਾਲੇ ਆਗੂਆਂ ਤੋਂ ਸਵਾਲ-ਜਵਾਬ ਕਰਨ ਲਈ ਇਸੇ ਤਰ੍ਹਾਂ ਕਿਸਾਨ ਇਕੱਠੇ ਹੁੰਦੇ ਰਹਿਣਗੇ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)