ਹਰਿਆਣਾ। ਡੇਰਾ ਮੁਖੀ ਰਾਮ ਰਹੀਮ ਇਸ ਸਮੇ ਪੈਰੋਲ ‘ਤੇ ਹੈ। ਉਸ ਦੀ ਪੈਰੋਲ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਹਾਈਕੋਰਟ ‘ਚ ਦਲੀਲ ਦਿੱਤੀ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਹਾਰਡ ਕੋਰ ਅਪਰਾਧੀ ਨਹੀਂ ਹੈ।
ਇੰਨਾ ਹੀ ਨਹੀਂ, ਸਰਕਾਰ ਦਾ ਕਹਿਣਾ ਹੈ ਕਿ ਕਤਲ ਦੇ ਦੋ ਮਾਮਲਿਆਂ ਵਿੱਚ ਸਜ਼ਾ ਨੂੰ ਸੀਰੀਅਲ ਕਿਲਿੰਗ ਨਹੀਂ ਕਿਹਾ ਜਾ ਸਕਦਾ। ਗੁਰਮੀਤ ਹਮਲਾਵਰ ਨਹੀਂ ਸੀ। ਉਸ ਨੇ ਕਤਲ ਨਹੀਂ ਕੀਤੇ। ਹਰਿਆਣਾ ਸਰਕਾਰ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਕਤਲ ਦੇ ਸਹਿ-ਦੋਸ਼ੀਆਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਹੈ।
ਦੱਸ ਦਈਏ ਕਿ ਬਲਾਤਕਾਰ ਦੇ ਮਾਮਲੇ ‘ਚ ਰਾਮ ਰਹੀਮ ਨੂੰ 10-10 ਸਾਲ ਦੀ ਸਜ਼ਾ ਹੋਈ ਹੈ। ਜਦਕਿ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਨੂੰ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ਖਿਲਾਫ ਚਾਰ ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲੇ ਦੀ ਸੀਬੀਆਈ ਜਾਂਚ ਕਰ ਰਹੀ ਹੈ, ਜਦੋਂ ਕਿ ਪੰਜਾਬ ਵਿੱਚ ਬੇਅਦਬੀ ਦੇ ਤਿੰਨ ਮਾਮਲੇ ਦਰਜ ਹਨ ।