ਚੰਡੀਗੜ੍ਹ | ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ।
ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਮੁਖੀ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ, ਡੀਐੱਸਪੀ ਲਖਬੀਰ ਸਿੰਘ ਤੇ ਇੰਸਪੈਕਟਰ ਦਲਬੀਰ ਸਿੰਘ ਕੁੱਲ 4 ਮੈਂਬਰਾਂ ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਹੁੰਚ ਗਈ ਹੈ।
ਪੰਜਾਬ ਪੁਲਿਸ ਦੀ ਐੱਸਆਈਟੀ 6 ਸਾਲ ਪਹਿਲਾਂ ਦਰਜ ਹੋਏ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਡੇਰਾ ਮੁਖੀ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਐੱਸਆਈਟੀ ਦੇ ਮੁਖੀ ਪਰਮਾਰ ਦਾ ਕਹਿਣਾ ਹੈ ਕਿ ਸਵਾਲ ਤੈਅ ਨਹੀਂ ਹੋਣਗੇ।
ਰਾਮ ਰਹੀਮ ਸਾਡੇ ਸਵਾਲਾਂ ਦਾ ਜਵਾਬ ਕੀ ਦਿੰਦਾ ਹੈ, ਇਸ ‘ਤੇ ਵੀ ਬਹੁਤ ਕੁਝ ਨਿਰਭਰ ਕਰਦਾ ਹੈ। ਰਾਮ ਰਹੀਮ ਦੇ ਜਵਾਬ ਤੋਂ ਹੀ ਨਵੇਂ ਸਵਾਲ ਉੱਠ ਸਕਦੇ ਹਨ।
ਕੀ ਹੈ ਪੂਰਾ ਮਾਮਲਾ?
ਮਾਮਲਾ 1 ਜੁਲਾਈ 2015 ਦਾ ਹੈ, ਜਦੋਂ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਤੋਂ 5 ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ।
24 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰੇ ਨੇੜੇ 2 ਹੱਥ ਲਿਖਤ ਪੋਸਟਰ ਲੱਗੇ ਮਿਲੇ ਸਨ। ਇਸ ਮਾਮਲੇ ਵਿੱਚ ਧਾਰਾ 295-A ਤਹਿਤ FIR ਨੰਬਰ 63 ਦਰਜ ਕੀਤੀ ਗਈ ਸੀ, ਜਿਸ ਵਿੱਚ ਰਾਮ ਰਹੀਮ ਦਾ ਨਾਂ ਸੀ।
ਦੋਸ਼ ਹੈ ਕਿ ਪੰਜਾਬੀ ਭਾਸ਼ਾ ਵਿੱਚ ਲਿਖੇ ਇਨ੍ਹਾਂ ਪੋਸਟਰਾਂ ਵਿੱਚ ਅਪਸ਼ਬਦ ਬੋਲੇ ਗਏ ਸਨ ਤੇ ਪਵਿੱਤਰ ਸਰੂਪਾਂ ਦੀ ਚੋਰੀ ਵਿੱਚ ਡੇਰਾ ਸੱਚਾ ਸੌਦਾ ਦਾ ਹੱਥ ਹੋਣ ਬਾਰੇ ਵੀ ਗੱਲ ਲਿਖੀ ਗਈ ਸੀ।
12 ਅਕਤੂਬਰ 2015 ਨੂੰ ਬੁਰਜ ਜਵਾਹਰ ਸਿੰਘਵਾਲਾ ਦੀਆਂ ਗਲੀਆਂ ਵਿੱਚ ਪਵਿੱਤਰ ਸਰੂਪ ਦੇ ਅੰਗ ਖਿੱਲਰੇ ਪਾਏ ਗਏ ਸਨ। ਇਸ ਤੋਂ ਬਾਅਦ ਸਿੱਖ ਸੰਗਤ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
