ਰਾਮ ਰਹੀਮ ਦੀ ਪੈਰੋਲ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ, SGPC ਨੇ ਦਿੱਤੀ ਸੀ ਪੈਰੋਲ ਨੂੰ ਚੁਣੌਤੀ

0
240

ਚੰਡੀਗੜ੍ਹ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਇਸ ਦੌਰਾਨ ਡੇਰਾ ਮੁਖੀ ਸਮੇਤ ਹੋਰ ਦੋਸ਼ੀਆਂ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨਾ ਹੈ।

ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰ ਕੇ 17 ਫਰਵਰੀ ਲਈ ਜਵਾਬ ਤਲਬ ਕੀਤਾ ਸੀ। ਹਾਈਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ‘ਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ‘ਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।

ਐਸਜੀਪੀਸੀ ਨੇ ਰੋਹਤਕ ਦੇ ਕਮਿਸ਼ਨਰ ਵੱਲੋਂ ਰਾਮ ਰਹੀਮ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਨੂੰ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਅਸਥਾਈ ਰਿਹਾਈ) ਐਕਟ 2022 ਦੀ ਧਾਰਾ-11 ਦੀ ਵਿਵਸਥਾ ਦੇ ਵਿਰੁੱਧ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਅਦਾਲਤ ਨੂੰ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਦੇ ਗ਼ੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਖ਼ਤਰਨਾਕ ਨਤੀਜਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਪਟੀਸ਼ਨ ‘ਚ ਐਸਜੀਪੀਸੀ ਨੇ ਇਸ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ-ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਬਰਕਰਾਰ ਰੱਖਣ ਲਈ ਖ਼ਤਰਾ ਕਰਾਰ ਦਿੱਤਾ ਹੈ।

ਹਰਿਆਣਾ ਸਰਕਾਰ ਦੀ ਨੀਤੀ ਖਿਲਾਫ ਪੈਰੋਲ
ਪਟੀਸ਼ਨ ਮੁਤਾਬਕ ਕਤਲ ਅਤੇ ਬਲਾਤਕਾਰ ਵਰਗੇ ਮਾਮਲਿਆਂ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣਾ ਹਰਿਆਣਾ ਸਰਕਾਰ ਦੀ ਨੀਤੀ ਦੇ ਖ਼ਿਲਾਫ਼ ਹੈ। ਪਟੀਸ਼ਨ ਮੁਤਾਬਕ ਰਾਮ ਰਹੀਮ ਅਦਾਲਤਾਂ ਦੇ ਤਿੰਨ ਹੁਕਮਾਂ ਤਹਿਤ ਸਜ਼ਾ ਕੱਟ ਰਿਹਾ ਹੈ ਪਰ ਪੈਰੋਲ ਦਾ ਹੁਕਮ ਸਿਰਫ਼ ਇੱਕ ਮਾਮਲੇ ‘ਚ ਜਾਰੀ ਕੀਤਾ ਗਿਆ ਹੈ। ਪਟੀਸ਼ਨ ‘ਚ ਡੇਰਾ ਮੁਖੀ ਵੱਲੋਂ ਸਿੱਖ ਭਾਈਚਾਰੇ ਨੂੰ ਅਸਥਿਰ ਕਰਨ ਲਈ ਪ੍ਰਚਾਰ ਕਰਨ ਦਾ ਵੀ ਦੋਸ਼ ਲਾਇਆ ਗਿਆ ਹੈ। ਇਸ ਕਾਰਨ ਪੰਜਾਬ ਤੇ ਭਾਰਤ ਦੇ ਹੋਰ ਰਾਜਾਂ ‘ਚ ਹਿੰਸਾ ਭੜਕਾਉਣ ਦੀ ਸੰਭਾਵਨਾ ਹੈ।