ਤਪਾ ਮੰਡੀ/ਬਰਨਾਲਾ | ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਪਾ ਵਿਖੇ ਕੀਤੀ ਜਾ ਰਹੀ ਰੈਲੀ ਤੋਂ ਪਹਿਲਾਂ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਕੱਚੇ ਅਧਿਆਪਕਾਂ ਨੇ ਬਾਜ਼ਾਰ ਵਿੱਚ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਅੰਦਰਲੇ ਬੱਸ ਸਟੈਂਡ ‘ਤੇ ਬਣੀ ਟੈਕਸੀ ਯੂਨੀਅਨ ‘ਚ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਲੱਗੇ, ਜਿਸ ਦੀ ਭਿਣਕ ਲੱਗਦੇ ਹੀ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਦੌਰਾਨ ਇਕ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਚੜ੍ਹ ਗਿਆ।

ਸਟੇਟ ਆਗੂ ਗੁਰਜੀਤ ਸਿੰਘ ਉਗੋਕੇ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਸਿਰਫ਼ ਐਲਾਨ ਕਰਦੇ ਤੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਹ ਨਿਰਾ ਝੂਠ ਸਾਬਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ 165 ਦਿਨਾਂ ਤੋਂ ਮੋਹਾਲੀ ਵਿਖੇ ਕੱਚੇ ਅਧਿਆਪਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਜਦੋਂ ਉਹ ਮੋਰਿੰਡਾ ‘ਚ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਗਏ ਤਾਂ ਪੁਲਿਸ ਪ੍ਰਸ਼ਾਸਨ ਨੇ ਮਹਿਲਾ ਅਧਿਆਪਕਾਂ ਦੀਆਂ ਗੁੱਤਾਂ ਪੁੱਟੀਆਂ।

ਚੰਨੀ ਵੱਲੋਂ 26 ਨਵੰਬਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ ਪਰ ਐਨ ਮੌਕੇ ‘ਤੇ ਆ ਕੇ ਮੀਟਿੰਗ ਕਰਨ ਤੋਂ ਜਵਾਬ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਸਾਨੂੰ ਲਿਖਤੀ ਰੂਪ ‘ਚ ਮੀਟਿੰਗ ਨਹੀਂ ਦਿੰਦਾ, ਉਦੋਂ ਤੱਕ ਅਧਿਆਪਕ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ।

ਉਨ੍ਹਾਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਭਰੋਸਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ 6 ਹਜ਼ਾਰ ਰੁਪਏ ਮਹੀਨਾ ‘ਤੇ ਕੰਮ ਕਰ ਰਹੇ ਹਨ। ਧਰਨਾਕਾਰੀ ਅਧਿਆਪਕਾਂ ਨੂੰ ਪ੍ਰਸ਼ਾਸਨ ਵੱਲੋਂ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਹ ਅਸਫਲ ਰਹੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ