ਜਲੰਧਰ, 16 ਨਵੰਬਰ | ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਆ ਰਹੇ ਕੇਸਾਂ ’ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਪਸ਼ਟ ਕਿਹਾ ਕਿ ਸਬੰਧਿਤ ਖੇਤਰ ਦੇ ਐਸ.ਐਚ.ਓਜ਼ ਅਤੇ ਕਲੱਸਟਰ ਅਫ਼ਸਰ ਪਰਾਲੀ ਨੂੰ ਸਾੜਨ ਦੇ ਕੇਸਾਂ ਦੀ ਰੋਕਥਾਮ ਲਈ ਹੋਰ ਸੰਜੀਦਾ ਯਤਨ ਕਰਨ ਨਹੀਂ ਤਾਂ ਉਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਐਸ.ਐਚ.ਓਜ਼ ਅਤੇ ਕਲੱਸਟਰ ਟੀਮਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਊਟੀ ਵਿਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਉਨਾਂ ਖਿਲਾਫ਼ ਸਖ਼ਤ ਕਾਰਵਾਈ ਲਈ ਉਚ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਜਾਵੇਗੀ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਂਝੀ ਮੀਟਿੰਗ ਦੌਰਾਨ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਨੂੰ ਸ਼ਖਤੀ ਨਾਲ ਰੋਕਣ ਲਈ ਐਸ.ਐਚ.ਓਜ਼ ਨੂੰ ਲਗਾਤਾਰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸ਼ਾਹਕੋਟ, ਲੋਹੀਆਂ ਅਤੇ ਫਿਲੌਰ ਦੇ ਕੁਝ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਝੋਨੇ ਦੀ ਕਟਾਈ ਕੀਤੀ ਜਾਵੇਗੀ ਅਤੇ ਸਾਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਲੱਸਟਰ ਅਫਸਰਾਂ ਅਤੇ ਐਸ.ਐਚ.ਓਜ਼ ਨੂੰ ਆਪਣੇ ਆਪਣੇ ਖੇਤਰਾਂ ਵਿੱਚ ਜ਼ਰੂਰ ਮੌਜੂਦ ਰਹਿਣਾ ਚਾਹੀਦਾ ਹੈ ਜੋ ਕਿ ਲੋਕਾਂ ਨੂੰ ਅਸਰਦਾਰ ਢੰਗ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅਗ ਲਗਾਉਣ ਤੋਂ ਰੋਕਣ ਵਿੱਚ ਸਹਾਈ ਹੋਵੇਗੀ।
ਉਨ੍ਹਾਂ ਸਪਸ਼ਟ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹ ਕਿ ਗੁਰਦੁਆਰਿਆਂ, ਮੰਦਿਰਾਂ ਅਤੇ ਹੋਰ ਥਾਵਾਂ ਤੋਂ ਅਨਾਉੂਂਸਮੈਂਟ ਕਰਨ ਤੋਂ ਇਲਾਵਾ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਪੈਦਲ ਮਾਰਚ ਕੱਢੇ ਜਾਣ।
ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਐਸ.ਐਚ.ਓਜ਼ ਨੂੰ ਹਦਾਇਤਾਂ ਕੀਤੀਆਂ ਕਿ ਅਗਲੇ ਕੁਝ ਦਿਨਾਂ ਦੌਰਾਨ ਪੁਲਿਸ ਸਟੇਸ਼ਨਾਂ ਤੋਂ ਬਾਹਰ ਨਿਕਲ ਕੇ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਵੇ।
ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੀਆਂ ਹਦਾਇਤਾਂ ਪਰਾਲੀ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਉਣ ’ਤੇ ਸਬੰਧਿਤ ਐਸ.ਐਚ.ਓਜ਼ ਜਿੰਮੇਵਾਰ ਹੋਵੇਗਾ ਅਤੇ ਉਨ੍ਹਾਂ ਨੂੰ ਅਜਿਹੇ ਕੇਸਾਂ ਨੂੰ ਰੋਕਣ ਲਈ ਪ੍ਰਮੁੱਖ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਸ.ਐਚ.ਓਜ਼ ਨੂੰ ਕਲੱਸਟਰ ਅਫ਼ਸਰਾਂ ਨਾਲ ਮਿਲ ਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਆਪਕ ਯੋਜਨਾ ਬਣਾਉਣੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਮੇਜਰ ਡਾ. ਅਮਿਤ ਮਹਾਜਨ ਅਤੇ ਹੋਰ ਵੀ ਹਾਜ਼ਰ ਸਨ।