ਵਿਦਿਆਰਥੀ ਨੂੰ ਝਿੜਕਣਾ ਅਧਿਆਪਕ ਨੂੰ ਪਿਆ ਮਹਿੰਗਾ, ਸਟੂਡੈਂਟ ਨੇ ਦੋਸਤਾਂ ਨਾਲ ਮਿਲ ਕੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

0
321

ਚੰਡੀਗੜ੍ਹ | ਮੋਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਦੋਸਤਾਂ ਨਾਲ ਮਿਲ ਕੇ ਅਧਿਆਪਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਅਧਿਆਪਕ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਉਸ ਦੇ ਸਿਰ ‘ਤੇ ਚਾਰ ਟਾਂਕੇ ਲੱਗੇ ਹਨ। ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਅਧਿਆਪਕ ਨੇ ਵਿਦਿਆਰਥੀ ਨੂੰ ਝਿੜਕਿਆ। ਇਸ ਕਾਰਨ ਵਿਦਿਆਰਥੀ ਗੁੱਸੇ ‘ਚ ਆ ਰਿਹਾ ਸੀ।

ਹਸਪਤਾਲ ਵਿੱਚ ਦਾਖ਼ਲ ਅਧਿਆਪਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਪ੍ਰਾਰਥਨਾ ਸਭਾ ਵਿੱਚ ਖੜ੍ਹਾ ਸੀ। ਉਦੋਂ ਇਸੇ ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਆਪਣੇ ਬਾਹਰਲੇ ਦੋਸਤਾਂ ਨਾਲ ਆਇਆ ਅਤੇ ਉਨ੍ਹਾਂ ‘ਤੇ ਪਿੱਛਿਓਂ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਸਿਰ ‘ਤੇ ਵਾਰ ਕੀਤਾ। ਇਸ ਕਾਰਨ ਸਿਰ ‘ਤੇ ਡੂੰਘੇ ਜ਼ਖ਼ਮ ਹੋ ਗਏ ਹਨ। ਹੋਰ ਅਧਿਆਪਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਭੱਜ ਗਏ।

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਠੋਸ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਨੂੰ ਇਨਸਾਫ਼ ਨਾ ਮਿਲਿਆ ਤਾਂ ਅਧਿਆਪਕ ਯੂਨੀਅਨ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗੀ। ਦੂਜੇ ਪਾਸੇ ਜਦੋਂ ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਦੋਸ਼ੀ ਬੱਚੇ ਸਾਡੇ ਸਕੂਲ ਨਾਲ ਸਬੰਧਤ ਨਹੀਂ ਹਨ।