ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ : ਲਾਲ ਚੰਦ ਕਟਾਰੂਚੱਕ

0
286

ਚੰਡੀਗੜ੍ਹ | ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ, ਚੁਕਾਈ ਅਤੇ ਅਦਾਇਗੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਸਬੰਧੀ ਭੁਗਤਾਨਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦਾ ਪਹਿਲਾ ਮਹੀਨਾ ਪੂਰਾ ਹੋਣ ‘ਤੇ ਬੀਤੇ ਕੱਲ੍ਹ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਐਮ.ਐਸ.ਪੀ. ਦੇ 20086 ਕਰੋੜ ਰੁਪਏ ਸਿੱਧੇ ਤੌਰ ‘ਤੇ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਲਗਭਗ 5.60 ਲੱਖ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਮਿਹਨਤ ਅਤੇ ਖੂਨ-ਪਸੀਨੇ ਨਾਲ ਉਗਾਈ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਬਾਰੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਭੰਡਾਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ, ਚੁਕਾਈ ਅਤੇ ਅਦਾਇਗੀਆਂ ਦੀ ਰੋਜ਼ਾਨਾ ਸਮੀਖਿਆ/ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਸੀ.ਸੀ.ਐਲ. ਦੀ ਮਨਜ਼ੂਰੀ ਨਾਲ, ਐਮ.ਐਸ.ਪੀ. ਭੁਗਤਾਨ ਨਿਰਵਿਘਨ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਕਰੀਬ 6.5-7 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਖਰੀਦ ਨੀਤੀ ਅਤੇ ਪੰਜਾਬ ਮੰਡੀ ਬੋਰਡ ਦੇ ਉਪ-ਨਿਯਮਾਂ (ਬਾਇ ਲਾਅਜ਼) ਅਨੁਸਾਰ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਣੀ ਹੈ। ਇਸੇ ਤਰ੍ਹਾਂ, ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਤੋਂ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 99 ਫੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।