ਜਲੰਧਰ ਦੀ LPU ‘ਚ ਹੰਗਾਮਾ : ਹੋਸਟਲ ‘ਚ ਵਿਦਿਆਰਥੀ ਨੇ ਕੀਤਾ ਸੁਸਾਈਡ ; ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ‘ਤੇ ਲਾਠੀਚਾਰਜ

0
2320

ਜਲੰਧਰ/ਕਪੂਰਥਲਾ। ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਇੱਕ ਹੋਰ ਯੂਨੀਵਰਸਿਟੀ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ ਹੈ। ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਹੋਸਟਲ ਵਿੱਚ ਮੰਗਲਵਾਰ ਰਾਤ ਨੂੰ ਇੱਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਕੇਰਲਾ ਦਾ ਰਹਿਣ ਵਾਲਾ ਸੀ ਤੇ ਯੂਨੀਵਰਸਿਟੀ ਵਿੱਚ ਬਿਜਨੈੱਸ ਮੈਨੇਜਮੈਂਟ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕੀਤੀ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਉੱਥੇ ਹੀ ਦੂਜੇ ਪਾਸੇ ਇਸ ਘਟਨਾ ਦੇ ਬਾਅਦ ਤੋਂ ਹੀ ਵਿਦਿਆਰਥੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਹੈ। ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਘਟਨਾ ਦੀ ਜਾਂਚ ਕਰ ਰਹੇ SHO ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।

ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਵਿਦਿਆਰਥੀਆਂ ਨੇ ਗੁੱਸੇ ਵਿਚ ਆ ਕੇ ਯੂਨੀਵਰਸਿਟੀ ਵਿਚ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਉਤੇ ਲਾਠੀਚਾਰਜ ਵੀ ਕੀਤਾ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਜਾਂਚ ਵਿੱਚ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।