ਗੁਰਾਇਆ ਨੈਸ਼ਨਲ ਹਾਈਵੇਅ ’ਤੇ ਸੜਕ ਹਾਦਸਾ, ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖ਼ਮੀ

0
6

ਗੁਰਾਇਆ ਨੈਸ਼ਨਲ ਹਾਈਵੇਅ ’ਤੇ ਡਰਾਈਵਿੰਗ ਟੈਸਟ ਸੈਂਟਰ ਦੇ ਦੂਜੇ ਪਾਸੇ ਇੱਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਪਲੈਂਡਰ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾ ਗਿਆ।

ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਇੱਕ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਐਫ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਨੌਜਵਾਨ ਸਪਲੈਂਡਰ ਮੋਟਰਸਾਈਕਲ ’ਤੇ ਫਿਲੌਰ ਵੱਲੋਂ ਆ ਰਹੇ ਸਨ, ਜਦੋਂ ਮੋਟਰਸਾਈਕਲ ਬੇਕਾਬੂ ਹੋ ਕੇ ਰੇਲਿੰਗ ਨਾਲ ਜਾ ਟਕਰਾਇਆ।

ਹਾਦਸੇ ਤੋਂ ਬਾਅਦ ਐਸਐਸਐਫ ਦੀ ਟੀਮ ਨੇ ਦੋਵਾਂ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਮੌਕੇ ’ਤੇ 108 ਐਂਬੂਲੈਂਸ ਅਤੇ ਨੈਸ਼ਨਲ ਹਾਈਵੇਅ ਦੀ ਐਂਬੂਲੈਂਸ ਬੁਲਾਈ ਗਈ, ਜਿਸ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ।

ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਪਛਾਣ ਪੱਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਉਨ੍ਹਾਂ ਦੇ ਪਿੰਡ ਦੇ ਸਰਪੰਚ ਰਾਹੀਂ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਣ ਲਈ ਸੂਚਿਤ ਕਰ ਦਿੱਤਾ ਗਿਆ।