ਪੰਜਾਬ ‘ਚ ਰਿਸ਼ਵਤਖੋਰੀ ਮਾਮਲੇ ‘ਤੇ ਬਦਲੇ ਨਿਯਮ : ਦੂਜੇ ਵਿਭਾਗਾਂ ਦੇ ਅਧਿਕਾਰੀ ਕਰਨਗੇ ਜਾਂਚ, ਪੜ੍ਹੋ ਪੂਰੀ ਖਬਰ

0
441

ਚੰਡੀਗੜ੍ਹ | ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਕਾਂਡ ਦੀ ਜਾਂਚ ਦੇ ਨਿਯਮਾਂ ਵਿਚ ਬਦਲਾਅ ਕੀਤਾ ਹੈ। ਹੁਣ ਪੁਲਿਸ ਅਧਿਕਾਰੀ ਰਿਸ਼ਵਤ ਦੇ ਮਾਮਲੇ ਵਿਚ ਆਪਣੇ ਵਿਭਾਗ ਦੇ ਮੁਲਾਜ਼ਮ ਦੀ ਜਾਂਚ ਨਹੀਂ ਕਰ ਸਕਣਗੇ। ਪੰਜਾਬ ਪੁਲਿਸ ਵਿਚ ਪਹਿਲਾਂ ਡੀਐਸਪੀ ਰੈਂਕ ਦੇ ਅਧਿਕਾਰੀ ਜਾਂਚ ਕਰ ਸਕਦੇ ਸਨ ਪਰ ਹੁਣ ਰਿਸ਼ਵਤਕਾਂਡ ਦੀ ਜਾਂਚ ਸਟੇਟ ਵਿਜੀਲੈਂਸ ਕਰੇਗੀ। ਇਸੇ ਤਰ੍ਹਾਂ ਇਹ ਨਿਯਮ ਹੋਰ ਵਿਭਾਗਾਂ ‘ਤੇ ਵੀ ਲਾਗੂ ਹੁੰਦਾ ਹੈ।

ਮਾਣਯੋਗ ਸਰਕਾਰ ਵੱਲੋਂ ਰਿਸ਼ਵਤਖੋਰੀ ਦੀ ਜਾਂਚ ਸਟੇਟ ਵਿਜੀਲੈਂਸ ਨੂੰ ਸੌਂਪਣ ਸਬੰਧੀ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਫੈਸਲੇ ਤੋਂ ਬਾਅਦ ਪੁਲਿਸ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗਾਂ ਵਿਚ ਵੀ ਹਲਚਲ ਮਚ ਗਈ ਹੈ। ਰਿਸ਼ਵਤਖੋਰ ਅਫਸਰਾਂ ਨੂੰ ਹੁਣ ਵਿਜੀਲੈਂਸ ਦਾ ਡਰ ਸਤਾਉਣ ਲੱਗਾ ਹੈ।

ਤੁਹਾਨੂੰ ਦੱਸ ਦਈਏ ਕਿ ਅਕਸਰ ਦੇਖਿਆ ਗਿਆ ਹੈ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਆਪਣੇ ਕਰਮਚਾਰੀਆਂ ‘ਤੇ ਮਿਹਰਬਾਨੀ ਦਿਖਾਉਂਦੇ ਹੋਏ ਜਾਂਚ ‘ਚ ਜ਼ਿਆਦਾਤਰ ਨੂੰ ਕਲੀਨ ਚਿੱਟ ਦੇ ਦਿੰਦੇ ਹਨ। ਇਸ ਤੋਂ ਬਾਅਦ ਅਦਾਲਤ ਵਿਚ ਕੇਸ ਕਮਜ਼ੋਰ ਹੋ ਜਾਂਦਾ ਸੀ ਅਤੇ ਮਾਮਲਾ ਨਿਬੇੜ ਲਿਆ ਜਾਂਦਾ ਸੀ ਪਰ ਹੁਣ ਅਜਿਹਾ ਬਿਲਕੁਲ ਨਹੀਂ ਹੋਵੇਗਾ ਕਿਉਂਕਿ ਸਰਕਾਰ ਹੁਣ ਰਿਸ਼ਤੇਦਾਰੀਆਂ ਦੇ ਕੇਸਾਂ ਵਿਚ ਸਿੱਧੇ ਤੌਰ ’ਤੇ ਵਿਜੀਲੈਂਸ ਨੂੰ ਭੇਜ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡਾਇਰੈਕਟਰ ਆਫ ਸਟੇਟ ਵਿਜੀਲੈਂਸ ਮਾਮਲੇ ਦੀ ਜਾਂਚ ਕਿਸੇ ਵੀ ਸ਼ਹਿਰ ਦੇ ਅਧਿਕਾਰੀ ਨੂੰ ਸੌਂਪ ਸਕਦੇ ਹਨ। ਇਥੇ ਦੱਸਣਾ ਬਣਦਾ ਹੈ ਕਿ ਹੁਣ ਰਿਸ਼ਵਤਖੋਰੀ ਦੇ ਮਾਮਲੇ ਵਿਚ ਥਾਣਿਆਂ ਵਿਚ ਦਰਜ ਐਫਆਈਆਰ ਸਿੱਧੇ ਤੌਰ ’ਤੇ ਥਾਣਾ ਮੁਖੀ ਵੱਲੋਂ ਆਪਣੇ ਪੱਧਰ ’ਤੇ ਦਰਜ ਨਹੀਂ ਕੀਤੀਆਂ ਜਾਣਗੀਆਂ ਸਗੋਂ ਇਸ ਲਈ ਜ਼ਿਲ੍ਹਾ ਮੁਖੀ ਜਾਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਲੋੜ ਹੋਵੇਗੀ। ਜੇਕਰ ਅਧਿਕਾਰੀ ਮਾਮਲੇ ਨੂੰ ਉਚਿਤ ਸਮਝਦੇ ਹਨ ਤਾਂ ਹੀ ਮੁਲਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦੀ ਐਫਆਈਆਰ ਦਰਜ ਕੀਤੀ ਜਾਵੇਗੀ।