ਬੰਦੀ ਸਿੰਘਾਂ ਦੀ ਰਿਹਾਈ ਲਈ ਤਾਮਿਲਨਾਡੂ ਤੋਂ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

0
604

ਅੰਮ੍ਰਿਤਸਰ | ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਵਾਉਣ ਲਈ ਤਮਿਲ ਵੈਲਫੇਅਰ ਐਸੋਸੀਏਸ਼ਨ ਤਾਮਿਲਨਾਡੂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ। ਵਫਦ ਨੇ ਇਕਜੁੱਟਤਾ ਦਿਖਾਈ, ਜਿਸ ਤਰ੍ਹਾਂ 31 ਸਾਲ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਕੇਸ ਵਿਚ ਜੇਲ ਵਿਚ ਬੰਦ ਸਨ, ਉਨ੍ਹਾਂ ਨੂੰ ਰਿਹਾਅ ਕਰਵਾਇਆ ਗਿਆ ਹੈ, ਉਸੇ ਤਰ੍ਹਾਂ ਬੰਦੀ ਸਿੰਘ ਜੋ ਕਾਫੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਉਪਰਾਲਾ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਜਲਦ ਰਿਹਾਅ ਕਰਵਾਇਆ ਜਾਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਲਈ ਹਸਤਾਖ਼ਰ ਅਭਿਆਨ ਚਲਾਇਆ ਜਾ ਰਿਹਾ ਹੈ, ਉਸ ਵਿਚ ਤਾਮਿਲਨਾਡੂ ਤੋਂ ਆਏ ਵਫ਼ਦ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਉਥੇ ਵੀ ਬੰਦੀ ਸਿੰਘਾਂ ਲਈ ਹਸਤਾਖ਼ਰ ਅਭਿਆਨ ਚਲਾਵਾਂਗੇ ਤੇ ਉਨ੍ਹਾਂ ਦੀ ਰਿਹਾਈ ਲਈ ਸਰਕਾਰ ‘ਤੇ ਦਬਾਅ ਬਣਾਵਾਂਗੇ।

ਇਸ ਦੌਰਾਨ ਤਾਮਿਲਨਾਡੂ ਤੋਂ ਆਏ ਵਫਦ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਸਾਲ ਇਸ ਜਗ੍ਹਾ ‘ਤੇ ਅਰਦਾਸ ਕਰਕੇ ਗਏ ਸੀ ਕਿ ਸਾਡੇ ਤਾਮਿਲ ਕੈਦੀ ਭਰਾ ਰਿਹਾਅ ਹੋ ਜਾਣ। ਉਨ੍ਹਾਂ ਕਿਹਾ ਕਿ ਸਾਡੇ ਵਕੀਲਾਂ ਨੇ ਸੁਪਰੀਮ ਕੋਰਟ ‘ਤੇ ਪੂਰਾ ਦਬਾਅ ਬਣਾ ਕੇ ਸਾਡੇ ਤਮਿਲ ਕੈਦੀ ਭਰਾਵਾਂ ਨੂੰ ਰਿਹਾਅ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਅਤੇ ਸਾਡੇ ਵਕੀਲਾਂ ਨੇ ਸੁਪਰੀਮ ਕੋਰਟ ਵਿਚ ਤਾਮਿਲ ਕੈਦੀ ਭਰਾਵਾਂ ਲਈ ਪੁਰਜ਼ੋਰ ਲੜਾਈ ਲੜੀ, ਜਿਸਦੇ ਚਲਦੇ 31 ਸਾਲ ਤੋਂ ਜੇਲ ਵਿਚ ਬੰਦ ਸਨ, ਉਨ੍ਹਾਂ ਨੂੰ ਰਿਹਾਅ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਸਮੇਂ ਤਾਮਿਲਨਾਡੂ ਵਿਚ ਤੀਜੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਦਲ ਖਾਲਸਾ ਤੇ ਸ਼੍ਰੋਮਣੀ ਕਮੇਟੀ ਦੇ ਲੋਕਾਂ ਨੇ ਅਪੀਲ ਕੀਤੀ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ‘ਤੇ ਦਬਾਅ ਬਣਾ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾਵੇ।