ਸੰਗਰੂਰ | ਪਿੰਡ ਦੁੱਗਾਂ ਦੇ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਪੁਰਾਣੀ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਗੋਗੀ (37) ਪੁੱਤਰ ਮੇਜਰ ਸਿੰਘ ਵਾਸੀ ਦੁੱਗਾਂ ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ 5 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ 1 ਜਣੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਤਨੀ ਯਾਦਵਿੰਦਰ ਕੌਰ ਨੇ ਕਿਹਾ ਕਿ ਪਿੰਡ ਦੇ ਹੀ ਗੁਰਵਿੰਦਰ ਸਿੰਘ ਚੂਚਾ ਤੇ ਮਨਪਾਲ ਸਿੰਘ ਮਨੀ 2 ਮਾਰਚ ਨੂੰ ਰਾਤੀਂ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਸਨ। ਇਸ ਤੋਂ ਬਾਅਦ ਉਸ ਨੇ ਖੇਤ ਲਿਜਾ ਕੇ ਆਪਣੇ ਸਾਥੀਆਂ ਨਾਲ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਭੈਣੀ ਮਹਿਰਾਜ ਵਾਲੀ ਕੋਟਲਾ ਬ੍ਰਾਂਚ ਨਹਿਰ ਵਿਚ ਸੁੱਟ ਦਿੱਤਾ ਗਿਆ।
ਐਸਐਚਓ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਲਾਸ਼ ਨੂੰ ਨਹਿਰ ਵਿਚੋਂ ਬਰਾਮਦ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਗੁਰਮਿੰਦਰ ਸਿੰਘ ਉਰਫ ਚੂਚਾ, ਮਨਪਾਲ ਸਿੰਘ ਮਨੀ, ਰਾਮਪ੍ਰੀਤ ਸਿੰਘ ਉਰਫ ਲਵੀ ਵਾਸੀ ਦੁੱਗਾਂ ਤੇ 2 ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।