ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨਾ ਚਾਹੁੰਦਾ ਹੈ ਤੇ ਮਾਪੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਵੀ ਖਰਚ ਕਰ ਦਿੰਦੇ ਹਨ, ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਕੀ ਅਣਹੋਣੀ ਹੋ ਜਾਣੀ ਹੈ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਭਵਾਨੀਗੜ੍ਹ ਸ਼ਹਿਰ ਦੇ ਨੇੜਲੇ ਪਿੰਡ ਬਲਿਆਲ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌ.ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਲਵੀਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਦਲਵੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ । ਦਲਵੀਰ 20 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ ਓਂਟਾਰੀਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿੰਦਾ ਸੀ। ਬੀਤੇ ਐਤਵਾਰ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇੱਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦਲਵੀਰ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।
ਦੱਸ ਦੇਈਏ ਕਿ ਦਲਵੀਰ ਸਿੰਘ ਦੀ ਮੌ.ਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਦੂਜੇ ਪਾਸੇ ਪਿੰਡ ਵਾਲਿਆਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਗਈ ਹੈ।