ਖੁਰਾਲਗੜ੍ਹ, 6 ਫਰਵਰੀ | ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮਾਂ ਦੀ ਸਫ਼ਲਤਾ ਨੇ ਸੰਤ ਸਮਾਜ ਦਾ ਦਿਲ ਜਿੱਤ ਲਿਆ ਹੈ। ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਾਨਦਾਰ ਪ੍ਰਬੰਧਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜੰਮ ਕੇ ਤਾਰੀਫ਼ ਕੀਤੀ ਹੈ।
ਸਮਾਗਮ ਦੌਰਾਨ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਅਤੇ ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਦੇ ਪ੍ਰਚਾਰ ਲਈ ‘ਬਾਣੀ ਅਧਿਐਨ ਕੇਂਦਰ’ ਵਾਸਤੇ 10 ਏਕੜ ਜ਼ਮੀਨ ਦੇਣਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਵਿਆਪਕ ਪੱਧਰ ‘ਤੇ ਸ਼ਰਧਾ ਤੇ ਸਤਿਕਾਰ ਨਾਲ ਸਮਾਗਮ ਉਲੀਕੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਦੱਸਿਆ ਕਿ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਹੈ। ਇਨ੍ਹਾਂ ਸਮਾਗਮਾਂ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਵੀ ਸੰਗਤਾਂ ਨੂੰ ਵਧਾਈ ਦਿੰਦਿਆਂ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸਮੁੱਚੀ ਕੈਬਨਿਟ ਸਮੇਤ ਗੁਰੂ ਸਾਹਿਬ ਦੇ ਤਪ ਅਸਥਾਨ ‘ਤੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਰਕਾਰ ਨੇ ਐਲਾਨ ਕੀਤਾ ਕਿ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਵਾਲੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ।




































