ਸਰਬੱਤ ਸਿਹਤ ਬੀਮਾ ਯੋਜਨਾ ਹੈਲਥ ਕਾਰਡ ਜਲੰਧਰ ਵਿੱਚ 28 ਫਰਵਰੀ ਤੱਕ ਬਣਨਗੇ, 5 ਲੱਖ ਤੱਕ ਦਾ ਇਲਾਜ ਪ੍ਰਾਈਵੇਟ ਹਸਪਤਾਲ ‘ਚ ਹੋਵੇਗਾ ਮੁਫਤ

0
1638

ਜਲੰਧਰ | ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ ਹੈਲਥ ਕਾਰਡ 28 ਫਰਵਰੀ ਤੱਕ ਹੀ ਬਣਵਾਏ ਜਾ ਸਕਣਗੇ। ਕਾਰਡ ਬਣਾਉਣ ਦੀ ਮੁਹਿੰਮ ਜਲੰਧਰ ਜਿਲੇ ਵਿੱਚ ਜਾਰੀ ਹੈ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਯੋਜਨਾਬੱਧ ਢੰਗ ਨਾਲ ਕਾਰਡ ਬਣਵਾਏ ਜਾਣ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਹੂਲਤ ਦਾ ਫਾਇਦਾ ਲੈ ਸਕਣ।

ਡੀਸੀ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹੁਣ ਸੇਵਾ ਕੇਂਦਰਾਂ ਵਿੱਚ ਵੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ (ਟਾਈਪ-1) ਸੇਵਾ ਕੇਂਦਰ ਵਿੱਚ ਇਹ ਸੇਵਾ ਸ਼ੁਰੂ ਹੋ ਗਈ ਹੈ ਅਤੇ ਟਾਈਪ-2 ਸੇਵਾ ਕੇਂਦਰਾਂ ਵਿੱਚ 22 ਫਰਵਰੀ ਅਤੇ ਟਾਈਪ-3 ਸੇਵਾ ਕੇਂਦਰਾਂ ਵਿੱਚ 26 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਕਾਰਡ ਨਾਲ ਪ੍ਰਾਈਵੇਟ ਹਸਪਤਾਲਾਂ ਵਿਖੇ 5 ਲੱਖ ਰੁਪਏ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਲਾਭ ਲਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ- ਐਨਐਫਐਸਏ ਰਾਸ਼ਨ ਕਾਰਡ ਧਾਰਕ ਲਾਭਪਾਤਰੀ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਯੈਲੋ ਕਾਰਡ ਧਾਰਕ ਜਾਂ ਐਕਰੀਡੇਟਡ ਪੱਤਰਕਾਰ ਅਤੇ ਜੇ-ਫਾਰਮ ਧਾਰਕ ਕਿਸਾਨ ਕਾਰਡ ਬਣਵਾ ਸਕਦੇ ਹਨ। ਲਾਭਪਾਤਰੀ sha.punjab.gov.in ‘ਤੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ।