ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ : ਜਦੋਂ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਕਿਸਾਨ ਅੰਦੋਲਨ ਜਾਰੀ ਰਹੇਗਾ

0
5587

ਚੰਡੀਗੜ੍ਹ, 25 ਫਰਵਰੀ | ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਦਿੱਲੀ ਚਲੋ’ ਮਾਰਚ ’ਚ ਹਿੱਸਾ ਲੈ ਰਹੇ ਕਿਸਾਨ ਉਦੋਂ ਤਕ ਅੰਦੋਲਨ ਖਤਮ ਨਹੀਂ ਕਰਨਗੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਹਜ਼ਾਰਾਂ ਕਿਸਾਨਾਂ ਨੇ ਆਪਣੇ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਨਾਲ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ’ਤੇ ਡੇਰਾ ਲਾਇਆ ਹੋਇਆ ਹੈ।

Farmers' protest highlights: Farmers have rejected govt's proposal on MSP | India News - Business Standard

ਇਸ ਤੋਂ ਪਹਿਲਾਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ ਉਨ੍ਹਾਂ ਦੇ ਦਿੱਲੀ ਮਾਰਚ ਨੂੰ ਸੁਰੱਖਿਆ ਬਲਾਂ ਨੇ ਰੋਕ ਦਿੱਤਾ ਸੀ। ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੀ ਅਗਵਾਈ ਵਾਲੇ ‘ਦਿੱਲੀ ਚਲੋ’ ਮਾਰਚ ਨੂੰ ਖਨੌਰੀ ’ਚ ਇਕ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਅਤੇ ਲਗਭਗ 12 ਪੁਲਿਸ ਕਰਮਚਾਰੀਆਂ ਦੇ ਜ਼ਖਮੀ ਹੋਣ ਤੋਂ ਬਾਅਦ ਕਿਸਾਨ ਨੇਤਾਵਾਂ ਨੇ ਦੋ ਦਿਨਾਂ ਲਈ ਰੋਕ ਦਿੱਤਾ ਸੀ।

ਸ਼ੰਭੂ ਬਾਰਡਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇ.ਐਮ.ਐਮ. ਨੇਤਾ ਪੰਧੇਰ ਨੇ ਕਿਹਾ ਕਿ ਉਹ 29 ਫ਼ਰਵਰੀ ਨੂੰ ਆਪਣੇ ਅਗਲੇ ਕਦਮ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ, ‘‘ਇਹ ਨਿਸ਼ਚਿਤ ਹੈ ਕਿ ਇਹ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਜੇਕਰ ਉਹ (ਕੇਂਦਰ) ਕੱਲ੍ਹ ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਅਸੀਂ ਅੰਦੋਲਨ ’ਤੇ ਫੈਸਲਾ ਲਵਾਂਗੇ।’’

 

ਕਿਸਾਨ ਨੇਤਾਵਾਂ ਮੁਤਾਬਕ ਪ੍ਰਦਰਸ਼ਨਕਾਰੀ 29 ਫ਼ਰਵਰੀ ਤਕ ਦੋਹਾਂ ਪ੍ਰਦਰਸ਼ਨ ਸਥਾਨਾਂ ’ਤੇ ਡੇਰਾ ਲਾਉਣਗੇ, ਜਦੋਂ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨ ਨੇਤਾਵਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚਾਰ ਦੌਰ ਦੀ ਗੱਲਬਾਤ ਬੇਸਿੱਟਾ ਰਹੀ ਹੈ। ਪੰਜਾਬ ਦੇ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ’ਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ ਵਾਪਸ ਲੈਣ, 2021 ਦੀ ਲਖੀਮਪੁਰ ਖੇਰੀ ਹਿੰਸਾ ਦੇ ਪੀੜਤਾਂ ਲਈ ‘ਨਿਆਂ‘, ਭੂਮੀ ਪ੍ਰਾਪਤੀ ਐਕਟ 2013 ਨੂੰ ਬਹਾਲ ਕਰਨ ਅਤੇ 2020-21 ਦੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕਰ ਰਹੇ ਹਨ।