ਚੰਡੀਗੜ੍ਹ, 10 ਨਵੰਬਰ | ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਤੁਸੀਂ ਅੱਗ ਨਾਲ ਖੇਡ ਰਹੇ ਹੋ।

ਸੀਜੇਆਈ ਚੰਦਰਚੂੜ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਨੂੰ ਸਵਾਲ ਕੀਤਾ ਕਿ ਜੇਕਰ ਵਿਧਾਨ ਸਭਾ ਦਾ ਇੱਕ ਸੈਸ਼ਨ ਗੈਰ-ਕਾਨੂੰਨੀ ਕਰਾਰ ਦਿੱਤਾ ਜਾਂਦਾ ਹੈ ਤਾਂ ਸਦਨ ਵੱਲੋਂ ਪਾਸ ਕੀਤਾ ਗਿਆ ਬਿੱਲ ਗੈਰ-ਕਾਨੂੰਨੀ ਕਿਵੇਂ ਹੋ ਜਾਵੇਗਾ? ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੀ ਤਰਫੋਂ ਸਿੰਘਵੀ ਨੇ ਕਿਹਾ ਕਿ ਮੌਜੂਦਾ ਰਾਜਪਾਲ ਅਧੀਨ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣਾ ਅਸੰਭਵ ਹੈ।

ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਕੀ ਰਾਜਪਾਲ ਨੂੰ ਥੋੜ੍ਹਾ ਜਿਹਾ ਵੀ ਖ਼ਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ? ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ ਤਾਂ ਉਸ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ। ਜੇਕਰ ਰਾਜਪਾਲ ਇਸ ਤਰ੍ਹਾਂ ਬਿੱਲ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਰਹੇ ਤਾਂ ਕੀ ਅਜਿਹੇ ਦੇਸ਼ ਦਾ ਸੰਸਦੀ ਲੋਕਤੰਤਰ ਬਚੇਗਾ? ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ ਪਰ ਪੰਜਾਬ ਦੇ ਹਾਲਾਤਾਂ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਅਤੇ ਉਸ ਵਿਚ ਵੱਡਾ ਮਤਭੇਦ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।