ਘੱਲੂਘਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿਖੇ ਸੁਰੱਖਿਆ ਲਈ ਯਤਨ ਹੋਏ ਤੇਜ਼

0
1504

ਅੰਮ੍ਰਿਤਸਰ . ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। 6 ਜੂਨ 1984 ਨੂੰ ਦਰਬਾਰ ਸਾਹਿਬ ਉੱਪਰ ਹੋਈ ਫ਼ੌਜੀ ਕਾਰਵਾਈ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਠ ਆਰੰਭ ਕਰਵਾਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਘੱਲੂਘਾਰਾ ਦਿਵਸ ਮੌਕੇ ਪੁਲਿਸ ਵੀ ਮੁਸਤੈਦ ਹੋ ਗਈ ਹੈ।

ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਬੀਤੀ ਸ਼ਾਮ ਦਰਬਾਰ ਸਾਹਿਬ ਨੇੜੇ ਸੁਰੱਖਿਆ ਵਧਾ ਦਿੱਤੀ ਹੈ। 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਮਾਹੌਲ ਖ਼ਰਾਬ ਹੋਣ ਦੇ ਡਰੋਂ ਪੁਲਿਸ ਨੇ ਕਈ ਸ਼ੱਕੀਆਂ ਨੂੰ ਰਾਊਂਡਅੱਪ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਨਾਕਾਬੰਦੀ ਤੇ ਵਾਹਨਾਂ ਦੀ ਤਲਾਸ਼ੀ ਵੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਖ਼ੁਫ਼ੀਆ ਤੰਤਰ ਵੀ ਵਧੇਰੇ ਸਰਗਰਮ ਹੋ ਗਿਆ ਹੈ। ਹਾਲਾਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਫ ਕੀਤੀ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਇਸ ਵਾਰ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ, ਪਰ ਫਿਰ ਵੀ ਸੰਭਾਵਨਾ ਹੈ ਕਿ ਸ਼ਰਧਾਲੂ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਘੱਲੂਘਾਰਾ ਦਿਵਸ ਦੀ ਯਾਦ ‘ਚ ਸੰਗਤਾਂ ਨੂੰ ਮੌਜੂਦਾ ਹਾਲਾਤ ਧਿਆਨ ਵਿੱਚ ਰੱਖਦਿਆਂ ਆਪੋ ਆਪਣੇ ਘਰਾਂ ‘ਚ ਰਹਿ ਕੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।