ਚੰਡੀਗੜ੍ਹ, 9 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਜਵਾਬਦੇਹੀ ਤੈਅ ਕਰਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਦੋ ਸੀਨੀਅਰ IAS ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਨੇ ਸੂਬੇ ਦੇ ਸਰਕਾਰੀ ਗਲਿਆਰਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਪੰਜਾਬ ਇਨਫੋਟੈਕ ਦੇ ਪ੍ਰਬੰਧ ਨਿਰਦੇਸ਼ਕ (MD) ਜਸਪ੍ਰੀਤ ਸਿੰਘ ਦੇ ਨਾਂ ਸ਼ਾਮਲ ਹਨ। ਸਰਕਾਰੀ ਹੁਕਮਾਂ ਮੁਤਾਬਕ ਇਹ ਕਾਰਵਾਈ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਮਲ ਕਿਸ਼ੋਰ ਯਾਦਵ ਨਿਵੇਸ਼ ਪ੍ਰਮੋਸ਼ਨ ਵਰਗੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਇਨ੍ਹਾਂ ਮੁਅੱਤਲੀਆਂ ਦੇ ਨਾਲ-ਨਾਲ ਸਰਕਾਰ ਨੇ ਇੱਕ ਵਧੀਕ ਮੁੱਖ ਸਕੱਤਰ ਅਤੇ ਇੱਕ ਸੰਯੁਕਤ ਸਕੱਤਰ ਦੇ ਤਬਾਦਲੇ ਦੇ ਵੀ ਹੁਕਮ ਜਾਰੀ ਕੀਤੇ ਹਨ।
ਸਰਕਾਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਫਿਲਹਾਲ ਇਨ੍ਹਾਂ ਅਧਿਕਾਰੀਆਂ ਵਿਰੁੱਧ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ।





































