ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਕਈ ਜ਼ਿਲਿਆਂ ‘ਚ ਛਾਈ ਸੰਘਣੀ ਧੁੰਦ, ਵਿਜ਼ੀਬਿਲਟੀ ਹੋਈ ਜ਼ੀਰੋ

0
427

ਚੰਡੀਗੜ੍ਹ, 4 ਜਨਵਰੀ | ਪੰਜਾਬ-ਚੰਡੀਗੜ੍ਹ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦਿਖਾਈ ਦੇਣ ਲੱਗੀ, ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਜਲੰਧਰ ‘ਚ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।

ਧੁੰਦ ਕਾਰਨ ਚੰਡੀਗੜ੍ਹ-ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਡਾਣਾਂ ਦੀ ਆਵਾਜਾਈ ‘ਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ ‘ਚ ਨਹੀਂ ਉਤਰ ਸਕੀ ਅਤੇ ਇਸ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ। ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ ਦਿੱਲੀ ਲਈ ਰਵਾਨਾ ਕੀਤੀ ਗਈ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੀ ਸਵੇਰ ਤੋਂ ਕੋਈ ਜਹਾਜ਼ ਟੇਕ ਆਫ ਜਾਂ ਲੈਂਡ ਨਹੀਂ ਹੋਇਆ। ਸਾਰੀਆਂ ਉਡਾਣਾਂ ਨੂੰ ਮੁੜ ਤੋਂ ਤਹਿ ਕੀਤਾ ਜਾ ਰਿਹਾ ਹੈ।

ਸ਼ੁੱਕਰਵਾਰ ਦੁਪਹਿਰ ਨੂੰ ਕੁਝ ਦੇਰ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਔਸਤਨ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਹਾਲਾਂਕਿ ਇਹ ਆਮ ਨਾਲੋਂ -1.7 ਡਿਗਰੀ ਸੈਲਸੀਅਸ ਘੱਟ ਹੈ। ਅੱਜ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿਚ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ 2 ਡਿਗਰੀ ਵੱਧ ਸੀ।