ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬਹੁਤ ਵਾਰ ਅਜਿਹੇ ਮਾਮਲਿਆਂ ਵਿਚ ਸਰਕਾਰ ਵੱਲੋਂ ਜਾਂਚ ਅਤੇ ਸਜ਼ਾਵਾਂ ਵਿਚ ਢਿੱਲ ਕਰਕੇ ਦੋਸ਼ੀ ਬਰੀ ਹੋ ਜਾਂਦੇ ਹਨ, ਜਿਸ ਕਾਰਨ ਦੋਸ਼ੀਆਂ ਦੇ ਹੌਂਸਲੇ ਵੱਧ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ’ਚ ਫੇਲ੍ਹ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨਾਲ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਗਿਆ ਹੈ, ਕਿਉਂਕਿ ਕੋਈ ਵੀ ਮਨੁੱਖ ਧਾਰਮਿਕ ਅਸਥਾਨਾਂ ਦੀ ਬੇਹੁਰਮਤੀ ਬਰਦਾਸ਼ਤ ਨਹੀਂ ਕਰ ਸਕਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।