ਅੰਮ੍ਰਿਤਸਰ। ਕੋਰਟ ਦੇ ਫੈਸਲੇ ਪਿੱਛੋਂ ਗੁਰਦੁਆਰਿਆਂ ‘ਤੇ ਕਬਜ਼ੇ ਨੂੰ ਲੈ ਕੇ ਸਿੱਖ ਸਿਆਸਤ ਭਖਦੀ ਜਾ ਰਹੀ ਹੈ। ਜਿਥੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਇਸ ਨੂੰ ਚੰਗਾ ਫੈਸਲਾ ਦੱਸ ਰਹੇ ਹਨ, ਉਧਰ ਐਸਜੀਪੀਸੀ ਨੇ ਸਿੱਖਾਂ ਇਸਨੂੰ ਦੋਫਾੜ ਕਰਨ ਦੀ ਨੀਤੀ ਦੱਸਿਆ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਹਰਿਆਣਾ ਅੰਦਰ ਗੁਰਦੁਆਰਿਆਂ ਦੇ ਪ੍ਰਬੰਧਾਂ ਉਪਰ ਧੱਕੇਸ਼ਾਹੀ ਨਾਲ ਕਬਜ਼ੇ ਕੀਤੇ ਜਾਂਦੇ ਹਨ ਤਾਂ ਇਸਦੀ ਸਿੱਧੀ ਜ਼ਿੰਮੇਵਾਰ ਹਰਿਆਣਾ ਸਰਕਾਰ ਦੀ ਹੋਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਜੋਰ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਉੱਤੇ ਕਬਜ਼ਿਆਂ ਦੀ ਨੀਤੀ ਠੀਕ ਨਹੀਂ ਅਤੇ ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਇਸੇ ਨੀਤੀ ਉੱਤੇ ਚੱਲ ਰਹੀ ਹੈ।
ਉਨ੍ਹਾਂ ਨੇ ਆਖਿਆ ਕੇ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਦਿੱਤਾ ਹੈ, ਇਸਦਾ ਮਤਲਬ ਇਹ ਨਹੀਂ ਕਿ ਇਸ ਤੋਂ ਬਾਅਦ ਕੋਈ ਕਾਨੂੰਨੀ ਚਾਰਾਜੋਈ ਬਾਕੀ ਨਹੀਂ ਰਹਿ ਜਾਂਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਅੰਦਰ ਅਜੇ ਕਾਨੂੰਨੀ ਬਦਲ ਮੌਜੂਦ ਹਨ, ਜਿਸ ਦੇ ਤਹਿਤ ਹੀ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਅੰਦਰ ਰੀਵਿਊ ਪਟੀਸ਼ਨ ਪਾਉਣ ਜਾ ਰਹੀ ਹੈ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਜਾਰੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰੰਤੂ ਦੁਖ ਦੀ ਗੱਲ ਹੈ ਕਿ ਉਨ੍ਹਾਂ ਨੇ ਮਿਲਣਾ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਕਿਹਾ ਇਸ ਗੱਲ ਤੋਂ ਪ੍ਰਗਟ ਹੁੰਦਾ ਹੈ ਕਿ ਸਿੱਖ ਸੰਸਥਾਵਾਂ ਵਿਰੁੱਧ ਦੇਸ਼ ਅੰਦਰ ਕਿਵੇਂ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਤੋੜਨ, ਵੰਡਣ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀ ਅਜਿਹੀ ਕਿਸੇ ਵੀ ਚਾਲ ਨੂੰ ਕੌਮ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਸਰਕਾਰਾਂ ਨੂੰ ਵੀ ਸਿੱਖ ਮਸਲਿਆਂ ਵਿਚ ਦਖਲ ਤੋਂ ਕਿਨਾਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਉਤੇ ਕਬਜ਼ੇ ਵਾਲੀ ਨੀਤੀ ਤਹਿਤ ਅੱਗੇ ਨਹੀਂ ਵਧਣਾ ਚਾਹੀਦਾ।