ਫ਼ਤਿਹਗੜ੍ਹ ਸਾਹਿਬ ’ਚ ਸ਼ਹੀਦੀ ਸਭਾ ਅੱਜ ਤੋਂ ਸ਼ੁਰੂ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਆਰੰਭ ਹੋਣਗੇ ਅਖੰਡ ਪਾਠ

0
1588

ਫ਼ਤਿਹਗੜ੍ਹ ਸਾਹਿਬ, 26 ਦਸੰਬਰ | ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 3 ਦਿਨਾ ਸ਼ਹੀਦੀ ਸਭਾ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਸਵੇਰੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Mata Gujri Kaurਫ਼ਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਯੋਜਨਾਵਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਲਈ ਧਾਰਮਿਕ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ।