ਜਲੰਧਰ . ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਉਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ‘ਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਉਤੇ ਹੈਰਾਨੀ ਪ੍ਰਗਟਾਈ ਕਿ ਜਦੋਂ ਲੋਕ ਮਰ ਰਹੇ ਹਨ ਤਾਂ ਅਕਾਲੀ ਸੂਬੇ ਵਿੱਚ ਹੋਛੀ ਰਾਜਨੀਤੀ ਉਤੇ ਉਤਰੇ ਹੋਏ ਹਨ।
ਮੁੱਖ ਮੰਤਰੀ ਨੇ ਅਕਾਲੀ ਦਲ ਦੇ ਇਸ ਕਾਰੇ ਨੂੰ ਸ਼ਰਮਨਾਕ ਦੱਸਦਿਆਂ ਆਖਿਆ, ”ਮੈਂ ਆਪਣੇ ਰਾਜਸੀ ਜੀਵਨ ਵਿੱਚ ਅਜਿਹੀ ਤੰਗਦਿਲ ਰਾਜਨੀਤੀ ਕਿਤੇ ਨਹੀਂ ਵੇਖੀ।” ਉਨ੍ਹਾਂ ਕਿਹਾ, ”ਇਹ ਜ਼ਿੰਦਗੀ ਤੇ ਮੌਤ ਅਤੇ ਪੰਜਾਬ ਦੇ ਭਵਿੱਖ ਦਾ ਸਵਾਲ ਹੈ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਜਿਹੀ ਸੰਵੇਦਨਸ਼ੀਲ ਸਥਿਤੀ ‘ਤੇ ਇਸ ਮੁੱਦੇ ਉਪਰ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ।
ਫੇਸਬੁੱਕ ਉੱਤੇ ਆਪਣੇ ਹਫਤਾਵਾਰੀ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਤੋਂ ਗਗਨ ਬੱਗਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਏ 64 ਕਰੋੜ ਰੁਪਏ ਕੋਵਿਡ ਰਾਹਤ ਕੰਮਾਂ ਉਤੇ ਹੀ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਹਾਲੇ ਸਿਖਰ ਨਹੀਂ ਛੂਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕੋਵਿਡ ਦੇ ਕੰਮਾਂ ਉਤੇ 300 ਕਰੋੜ ਰੁਪਏ ਖਰਚ ਚੁੱਕੀ ਹੈ ਅਤੇ ਇਸ ਕੰਮ ਉਤੇ ਘੱਟੋ-ਘੱਟ 200 ਕਰੋੜ ਰੁਪਏ ਹੋਰ ਖਰਚੇ ਜਾਣਗੇ। ਉਨ੍ਹਾਂ ਦੁਹਰਾਉਂਦਿਆਂ ਕਿਹਾ ਕਿ 64 ਕਰੋੜ ਰੁਪਏ ਕੋਵਿਡ ਸਬੰਧੀ ਸਾਂਭ ਸੰਭਾਲ ਉੱਤੇ ਹੀ ਖਰਚੇ ਜਾਣਗੇ।