ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ, ਧਾਰਾ 144 ਲਾਗੂ

0
851

ਨਵੀਂ ਦਿੱਲੀ | ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ‘ਬਲੈਕ ਫਰਾਈਡੇ ਪ੍ਰੋਟੈਸਟ ਮਾਰਚ’ ਦੇ ਮੱਦੇਨਜ਼ਰ ਦਿੱਲੀ ਪੁਲਿਸ ਚੌਕਸ ਹੋ ਗਈ ਹੈ।

ਦਿੱਲੀ ਪੁਲਿਸ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਮਾਰਚ ਨੂੰ ਆਗਿਆ ਨਹੀਂ ਦਿੱਤੀ ਗਈ। ਇੰਨਾ ਹੀ ਨਹੀਂ, ਦਿੱਲੀ ਪੁਲਿਸ ਨੇ ਸ਼ੰਕਰ ਰੋਡ ‘ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ, ਫਿਰ ਝਾਰੌਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਅੰਦੋਲਨ ਕਾਰਨ ਬੈਰੀਕੇਡਿੰਗ ਦੁਆਰਾ ਬੰਦ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਗੁਰਦੁਆਰਾ ਰਕਾਬ ਗੰਜ ਰੋਡ, ਆਰਐੱਮਐੱਲ ਹਸਪਤਾਲ, ਜੀਪੀਓ, ਅਸ਼ੋਕਾ ਰੋਡ ਅਤੇ ਬਾਬਾ ਖੜਕ ਸਿੰਘ ਮਾਰਗ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ।

ਦਿੱਲੀ ਪੁਲਿਸ ਵੱਲੋਂ ਕਈ ਸੜਕਾਂ ਬੰਦ ਕਰਨ ਤੋਂ ਨਾਰਾਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਰਸਤੇ ਵਿੱਚ ਰੋਕਿਆ ਜਾ ਰਿਹਾ ਹੈ। ਸਰਕਾਰ ਸਾਡੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਰੋਸ ਮਾਰਚ ਸ਼ਾਂਤਮਈ ਰਹੇਗਾ।

ਇਸ ਵੇਲੇ ਅਕਾਲੀ ਦਲ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਵਰਕਰ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਦੇ ਬਾਹਰ ਇਕੱਠੇ ਹੋਏ ਹਨ। ਇਸ ਕਾਰਨ ਸੀਆਰਪੀਐੱਫ ਅਤੇ ਆਰਏਐੱਫ ਦੇ ਜਵਾਨਾਂ ਸਮੇਤ ਦਿੱਲੀ ਪੁਲਿਸ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਸੰਸਦ ਭਵਨ ਦੇ ਬਿਲਕੁਲ ਪਿੱਛੇ ਵਾਲੀ ਜਗ੍ਹਾ ‘ਤੇ ਤਾਇਨਾਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਯੂਪੀ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਇੰਨਾ ਹੀ ਨਹੀਂ, ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਨੇ ਵੀ ਵੱਡਾ ਕਦਮ ਚੁੱਕਿਆ ਹੈ। ਡੀਐੱਮਆਰਸੀ ਨੇ ਪੰਡਤ ਸ਼੍ਰੀਰਾਮ ਸ਼ਰਮਾ ਅਤੇ ਬਹਾਦਰਗੜ੍ਹ ਸਿਟੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ।