ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਾਨੂੰਨੀ ਕਾਰਵਾਈ ਲਈ ਮਾਹਿਰਾਂ ਦੀ ਕਮੇਟੀ ਗਠਿਤ

0
1722

ਅੰਮ੍ਰਿਤਸਰ, 3 ਜਨਵਰੀ| ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ’ਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਗਿਆ ਸੀ ਅਤੇ ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਨੂੰਨੀ ਕਮੇਟੀ ਬਣਾਈ ਗਈ ਹੈ।