ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਮਿਲੀ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਹੁਣ ਵੀ ਬਲਕੌਰ ਸਿੰਘ ਨੂੰ ਜੋ ਧਮਕੀ ਮਿਲੀ ਹੈ, ਉਹ ਰਾਜਸਥਾਨ ਤੋਂ ਹੀ ਮਿਲੀ ਹੈ। ਉਧਰ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਪਾਸੇ ਜਿਥੇ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਕੁਝ ਸ਼ਰਾਰਤੀ ਅਨਸਰ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।

ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਬਲਕੌਰ ਸਿੰਘ ਨੂੰ ਧਮਕੀ ਮਿਲੀ ਹੋਵੇ ਸਗੋਂ ਇਸ ਤੋਂ ਪਹਿਲਾਂ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਪਹਿਲਾਂ ਰਾਜਸਥਾਨ ਤੋਂ ਇਕ ਨਾਬਾਲਗ ਵਲੋਂ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਸੀ। ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਧਮਕੀ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਨਾ ਬੋਲਣ ਦੀ ਚਿਤਾਵਨੀ ਦਿੱਤੀ ਗਈ ਹੈ। ਉਧਰ ਜੇਲ੍ਹ ਵਿਚ ਬੰਦ ਲਾਰੈਂਸ ਦੀ ਇਕ ਇੰਟਰਵਿਊ ਸਾਹਮਣੇ ਆਈ ਸੀ, ਜਿਸ ਵਿਚ ਉਸ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਕੁਝ ਲੋਕ ਉਨ੍ਹਾਂ ਦੇ ਗਰੁੱਪ ਦਾ ਨਾਂ ਵਰਤ ਕੇ ਧਮਕੀਆਂ ਦੇ ਰਹੇ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।