ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈਣ ਵਾਲੀ ਖਬਰ ਦੀ ਸੀਐਮ ਮਾਨ ਨੇ ਪੁਸ਼ਟੀ ਕਰ ਦਿੱਤੀ ਹੈ। ਗੁਜਰਾਤ ‘ਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਨੂੰ ਅਮਰੀਕਾ ਵਿੱਚ ਡਿਟੇਨ ਕਰ ਲਿਆ ਗਿਆ ਹੈ

ਗੋਲਡੀ ਨੂੰ ਡਿਟੇਨ ਕੀਤੇ ਜਾਣ ਦੀ ਜਾਣਕਾਰੀ ਭਾਰਤੀ ਖੁਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਇਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਕੈਲੀਫੋਰਨੀਆ ਭੱਜ ਗਿਆ ਸੀ।

ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸ ਨੂੰ ਡਰ ਸੀ ਕਿ ਕਿਤੇ ਕੋਈ ਉਸ ਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।

ਗੈਂਗਸਟਰ ਲੰਡਾ ਹਰੀਕੇ ਨੇ ਜਾਣਕਾਰੀ ਦਿੱਤੀ
ਖੁਫੀਆ ਏਜੰਸੀਆਂ ਨੂੰ ਮਿਲੇ ਇਨਪੁਟਸ ਮੁਤਾਬਕ ਗੋਲਡੀ ਬਰਾੜ ਨੂੰ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੀ ਮੁਖਬਰ ਦੇ ਆਧਾਰ ‘ਤੇ ਹਿਰਾਸਤ ‘ਚ ਲਿਆ ਗਿਆ ਸੀ। ਇਸ ਕਾਰਨ ਗੈਂਗਸਟਰਾਂ ਵਿੱਚ ਵੀ ਫੁੱਟ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜਿਸ ਕਾਰਨ ਉਹ ਖੁਫੀਆ ਏਜੰਸੀਆਂ ਨੂੰ ਇਕ-ਦੂਜੇ ਖਿਲਾਫ ਇਨਪੁਟ ਦੇ ਰਿਹਾ ਹੈ।