ਚੰਡੀਗੜ੍ਹ, 1 ਅਕਤੂਬਰ | ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਗੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧਤਾ ਅਧੀਨ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ, ਜਿਸ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।

ਸ. ਖੁੱਡੀਆਂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਨਿਸ਼ਚਿਤ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ 2023 ਨੂੰ ਉਪਭੋਗਤਾ ਮੁੱਲ ਸੂਚਕ ਅੰਕ ਮੁਤਾਬਕ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਲੇਬਰ ਦਰਾਂ ਵਿਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖਰੀਦ ਪ੍ਰਕਿਰਿਆ ਵਿਚ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਤੋਂ ਪੱਕੀ ਹੋਈ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ, ਜਿਸ ਨਾਲ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।