ਫੌਜੀ ਨੇ ਗੁੱਸੇ ’ਚ ਪਿਤਾ ’ਤੇ ਚਲਾਈ ਗੋਲੀ, ਬਠਿੰਡਾ ’ਚ ਵਾਪਰੀ ਘਟਨਾ

0
786

ਬਠਿੰਡਾ,6 ਮਾਰਚ | ਬਠਿੰਡਾ ਦੇ ਜੋਗੀ ਨਗਰ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਛੁੱਟੀ ’ਤੇ ਘਰ ਆਏ ਇੱਕ ਫੌਜੀ ਨੇ ਗੁੱਸੇ ਵਿੱਚ ਆ ਕੇ ਆਪਣੇ ਹੀ ਪਿਤਾ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਪਿਤਾ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਜੋਗੀ ਨਗਰ ਦਾ ਰਹਿਣ ਵਾਲਾ ਇੱਕ ਨੌਜਵਾਨ ਫੌਜੀ ਛੁੱਟੀ ’ਤੇ ਘਰ ਆਇਆ ਹੋਇਆ ਸੀ ਅਤੇ ਉਹ ਦਿਮਾਗੀ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਉਸਦਾ ਆਪਣੇ ਮਾਪਿਆਂ ਨਾਲ ਝਗੜਾ ਹੋ ਗਿਆ। ਝਗੜੇ ਦੌਰਾਨ ਨੌਜਵਾਨ ਨੇ ਆਪਣੀ ਲਾਇਸੰਸੀ .22 ਪਿਸਤੌਲ ਨਾਲ ਆਪਣੇ ਪਿਤਾ ਦਲਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ ਅਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ।

ਗੋਲੀ ਲੱਗਣ ਨਾਲ ਦਲਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ। ਇਸ ਵੇਲੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਦੀ ਉਮਰ ਲਗਭਗ 50 ਸਾਲ ਤੋਂ ਵੱਧ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।