ਬਠਿੰਡਾ, 17 ਅਕਤੂਬਰ | ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ‘ਚ ਜਵਾਈ ਵੱਲੋਂ ਸਹੁਰੇ ਪਰਿਵਾਰ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ‘ਚ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਪਤੀ ਨੇ ਪਤਨੀ ਨੂੰ ਛੱਡਣ ਆਏ ਸਹੁਰੇ ‘ਤੇ ਕਥਿਤ ਤੌਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਪਤਨੀ ਦੀ ਮੌਤ ਹੋ ਗਈ, ਜਦਕਿ ਦੋ ਰਿਸ਼ਤੇਦਾਰ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਥਰਾਜ ਦੀ ਸੁਖਵੀਰ ਕੌਰ ਦਾ ਹਾਲ ਹੀ ‘ਚ ਪਿੰਡ ਜੀਵਨ ਸਿੰਘ ਵਾਲਾ ਦੇ ਜਗਤਾਰ ਸਿੰਘ ਨਾਲ ਵਿਆਹ ਹੋਇਆ ਸੀ ਪਰ ਪਿਛਲੇ ਕੁਝ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਦੋਵਾਂ ‘ਚ ਲੜਾਈ-ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਕਈ ਵਾਰ ਮਾਮਲਾ ਪੰਚਾਇਤ ਅਤੇ ਪੁਲਿਸ ਵੀ ਕੋਲ ਪਹੁੰਚਿਆ ਸੀ। ਝਗੜੇ ਕਾਰਨ ਸੁਖਵੀਰ ਕੌਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਭਰਾ ਸੁਖਪ੍ਰੀਤ ਸਿੰਘ ਫੌਜੀ ਨਾਲ ਰਹਿ ਰਹੀ ਸੀ ਅਤੇ ਅੱਜ ਜਦੋਂ ਸੁਖਵੀਰ ਦੇ ਜੱਦੀ ਪਰਿਵਾਰ ਦੇ ਕੁਝ ਮੈਂਬਰ ਉਸ ਨੂੰ ਪਿੰਡ ਜੀਵਨ ਸਿੰਘ ਵਾਲਾ ਵਿਖੇ ਛੱਡਣ ਆਏ ਤਾਂ ਉਨ੍ਹਾਂ ਦੀ ਜਗਤਾਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਜਗਤਾਰ ਸਿੰਘ ਨੇ ਕਥਿਤ ਤੌਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਉਸ ਦੀ ਪਤਨੀ ਸੁਖਵੀਰ ਕੌਰ, ਸਾਲੇਹਾਰ (ਪਤਨੀ ਦੀ ਭੈਣ) ਮਨਜੀਤ ਕੌਰ ਅਤੇ ਮਨਜੀਤ ਕੌਰ ਦੇ ਭਰਾ ਸੁਖਜੀਵਨ ਸਿੰਘ ਨੂੰ ਗੋਲੀਆਂ ਲੱਗੀਆਂ।
ਰੌਲਾ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਤਿੰਨਾਂ ਨੂੰ ਇਲਾਜ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਸੁਖਵੀਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ ਦੋ ਗੰਭੀਰ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਦਾ ਪਤਾ ਲੱਗਦਿਆਂ ਹੀ ਥਾਣਾ ਮੁਖੀ ਸਰਬਜੀਤ ਕੌਰ ਅਤੇ ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਮੌਕੇ ’ਤੇ ਪੁੱਜੇ। ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਉਕਤ ਘਰੇਲੂ ਝਗੜੇ ਵਿਚ ਪਤਨੀ ਨੂੰ ਸ਼ੱਕ ਸੀ ਕਿ ਉਸਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਹਨ। ਅੱਜ ਜਦੋਂ ਸੁਖਵੀਰ ਕੌਰ ਦਾ ਪਰਿਵਾਰ ਉਸ ਨੂੰ ਛੱਡਣ ਆਇਆ ਤਾਂ ਲੜਾਈ ਵਧ ਗਈ ਅਤੇ ਉਪਰੋਕਤ ਘਟਨਾ ਵਾਪਰ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਸਰਬਜੀਤ ਕੌਰ ਪੀੜਤਾਂ ਦੇ ਬਿਆਨ ਦਰਜ ਕਰ ਰਹੇ ਹਨ, ਜਿਸ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)