ਗੁਰਦਾਸਪੁਰ, 2 ਫਰਵਰੀ | ਪਿੰਡ ਨਾਥੂ ਖਹਿਰਾ ਦੇ 36 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਸਊਦੀ ਅਰਬ ਵਿੱਚ ਰਹੱਸਮਈ ਹਾਲਾਤ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਅਈ ਹੈ। ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਰਿਵਾਰ ਨੇ ਦੱਸਿਆ ਕਿ ਮਨਦੀਪ ਸਿੰਘ ਨੂੰ ਕਰੀਬ ਦੋ ਮਹੀਨੇ ਪਹਿਲਾਂ ਹੀ ਜ਼ਮੀਨ ਗਿਰਵੀ ਰੱਖ ਕੇ ਵਿਦੇਸ਼ ਭੇਜਿਆ ਸੀ। ਅਜੇ ਘਰ ਦੇ ਹਾਲਾਤ ਸੁਧਰਨੇ ਸ਼ੁਰੂ ਹੀ ਹੋਏ ਸਨ ਕਿ ਮਨਦੀਪ ਦੀ ਮੌਤ ਦੀ ਖ਼ਬਰ ਨੇ ਸਭ ਕੁਝ ਤਬਾਹ ਕਰ ਦਿੱਤਾ। ਮੌਤ ਦੇ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗਿਆ ਹੈ।
ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨਦੀਪ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਕੀਤਾ ਜਾ ਸਕੇ। ਇਸ ਘਟਨਾ ਨੇ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾ ਰਹੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਅਤੇ ਮਜਬੂਰੀਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।