ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਗਾੜੀ ਬੇਅਦਬੀ ਮਾਮਲੇ ‘ਚ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

0
1140

ਚੰਡੀਗੜ੍ਹ | ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐੱਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ।

ਐੱਸ.ਆਈ.ਟੀ. ਮੁੱਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮ੍ਰਿਤਸਰ ਐੱਸ.ਪੀ.ਐੱਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ।

ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਐੱਸ.ਆਈ.ਟੀ. ਨੇ 16-05-21 ਨੂੰ ਜਾਂਚ ਸ਼ੁਰੂ ਕਰਨ ਸਬੰਧੀ ਇਲਾਕਾ ਮੈਜਿਸਟਰੇਟ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਲੋੜੀਂਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਜਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਬਰਗਾੜੀ ਦੇ ਮੈਨੇਜਰ ਕੁਲਵਿੰਦਰ ਸਿੰਘ ਦੇ ਬਿਆਨ ‘ਤੇ ਮੁਲਜ਼ਮਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 295, 295-ਏ, 153-ਏ, 201, 120-ਬੀ ਤਹਿਤ ਥਾਣਾ ਬਾਜਾਖਾਨਾ ਵਿਖੇ ਐੱਫ.ਆਈ.ਆਰ. ਨੰਬਰ. 128 ਮਿਤੀ 12-10-2015 ਦਰਜ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਇਹ ਕੇਸ ਸੌਂਪੇ ਜਾਣ ਤੋਂ ਬਾਅਦ ਆਈ.ਜੀ.ਪੀ. ਬਾਰਡਰ ਰੇਂਜ ਅੰਮ੍ਰਿਤਸਰ ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ‘ਚ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਰਜਿੰਦਰ ਸਿੰਘ ਸੋਹਲ, ਏਆਈਜੀ/ਸੀਆਈ ਪੰਜਾਬ, ਲਖਬੀਰ ਸਿੰਘ, ਏਸੀਪੀ/ਈਆਰਐੱਸ ਅੰਮ੍ਰਿਤਸਰ ਅਤੇ ਇੰਸਪੈਕਟਰ ਦਲਬੀਰ ਸਿੰਘ, ਆਈ.ਸੀ ਸੀ.ਆਈ.ਏ. ਫਰੀਦਕੋਟ ਅਤੇ ਹੋਰਨਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ 6 ਮੁਲਜ਼ਮਾਂ ਦੀ ਪਛਾਣ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਵਜੋਂ ਹੋਈ ਹੈ।

ਉਪਰੋਕਤ ਕੇਸ ਦੀ ਜਾਂਚ 2-11-2015 ਨੂੰ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 6-09-2018 ਨੂੰ ਸੀ.ਬੀ.ਆਈ. ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ।

ਸੀ.ਬੀ.ਆਈ. ਨੇ 4.07.2019 ਨੂੰ ਤਿੰਨੋਂ ਮਾਮਲਿਆਂ ਵਿੱਚ ਜੁਆਇੰਟ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਕੇਸ ਦੀ ਜਾਂਚ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਸੀ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)