ਉੱਤਰ ਪ੍ਰਦੇਸ਼, 8 ਫਰਵਰੀ | ਰਾਏਬਰੇਲੀ ਵਿੱਚ ਗੰਗਾ ਐਕਸਪ੍ਰੈਸਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀਆਂ 9 ਕੁੜੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ 4 ਕੁੜੀਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਸਾਰੀਆਂ ਕੁੜੀਆਂ ਪਿੰਡ ਵਿੱਚ ਲੱਗੇ ਇੱਕ ਭੰਡਾਰੇ ਤੋਂ ਪ੍ਰਸ਼ਾਦ ਲੈ ਕੇ ਪੈਦਲ ਆਪਣੇ ਘਰ ਵਾਪਸ ਜਾ ਰਹੀਆਂ ਸਨ। ਜਿਵੇਂ ਹੀ ਉਹ ਜਗਤਪੁਰ ਥਾਣਾ ਖੇਤਰ ਦੇ ਪਿੰਡ ਚੂਲੀ ਨੇੜੇ ਪਹੁੰਚੀਆਂ, ਤਾਂ ਹਾਈਵੇਅ ‘ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕੁੜੀਆਂ ਨੂੰ ਸੰਭਲਣ ਤੱਕ ਦਾ ਮੌਕਾ ਨਹੀਂ ਮਿਲਿਆ।

ਹਾਦਸੇ ਵਿੱਚ ਦੋ ਕੁੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਸ਼ਾਲਿਨੀ (22), ਹਿਮਾਂਸ਼ੀ (23), ਰਸ਼ਮੀ (14) ਅਤੇ ਅਸਮਾ (18) ਵਜੋਂ ਹੋਈ ਹੈ। ਜ਼ਖ਼ਮੀ ਕੁੜੀਆਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।