ਫਰੀਦਕੋਟ, 15 ਜਨਵਰੀ | ਦਿਨ ਚੜ੍ਹਦੇ ਹੀ ਜ਼ਿਲੇ ਦੇ ਕਸਬਾ ਗੋਲੇਵਾਲਾ ‘ਚ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਸ ਨਿੰਦਣਯੋਗ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ‘ਚ ਰੋਸ ਹੈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਦੇ ਇੱਕ ਵਸਨੀਕ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਦੁੱਧ ਪਾ ਕੇ ਘਰ ਪਰਤ ਰਿਹਾ ਸੀ ਤਾਂ ਗੁਟਕਾ ਸਾਹਿਬ ਦੇ ਅੰਗ ਗਲੀ ਦੇ ਨਾਲੇ ਵਿਚ ਸੁੱਟੇ ਗਏ ਸਨ, ਜਿਸ ’ਤੇ ਉਸ ਨੇ ਇਨ੍ਹਾਂ ਅੰਗਾਂ ਨੂੰ ਇਕੱਠਾ ਕਰ ਕੇ ਪੁਲਿਸ ਨੂੰ ਸੂਚਿਤ ਕੀਤਾ।

ਪਿੰਡ ਵਾਸੀਆਂ ਨੇ ਇਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਕਾਰਵਾਈ ਦੱਸਦਿਆਂ ਕਿਹਾ ਕਿ ਸ਼ਾਇਦ ਸ਼ਰਾਰਤੀ ਅਨਸਰ ਪਿੰਡ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਇਸ ਸਬੰਧੀ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੌਕੇ ਦਾ ਜਾਇਜ਼ਾ ਲੈਂਦਿਆਂ ਪਿੰਡ ਵਾਸੀਆਂ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।